ਕੇਂਦਰ ਪਹਿਲ ਦੇ ਅਧਾਰ ਤੇ ਕਿਸਾਨਾਂ ਦੀਆਂ ਮੰਗਾਂ ਮੰਨੇ: ਸੁਖਦੇਵ ਸਿੰਘ ਢੀਂਡਸਾ

ਉਦੇ ਧੀਮਾਨ , ਬੱਸੀ ਪਠਾਣਾਂ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਹੁਣ ਇਕੱਲਾ ਕਿਸਾਨੀ ਮੰਗਾਂ ਤਕ ਸੀਮਤ ਨਹੀਂ ਰਿਹਾ ਹੈ ਬਲਕਿ ਇਹ ਮਸਲਾ ਦੇਸ਼ ਦੀ ਏਕਤਾ ਦਾ ਬਣ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋਂ ਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਹੱਦਾਂ ‘ਤੇ ਪਿਛਲੇ ਕੁੱਝ ਦਿਨਾਂ ਤੋਂ ਨਿਹੱਥੇ ਕਿਸਾਨਾਂ ਤੇ ਢਾਇਆ ਜਾ ਰਿਹਾ ਤਸ਼ੱਦਦ ਅਣਮਨੁੱਖੀ ਹੈ। ਹਰਿਆਣਾ ਪੁਲਿਸ ਦੀ ਕਾਰਵਾਈ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਕਿਸਾਨ ਗੰਭੀਰ ਜ਼ਖਮੀ ਹੋਏ ਹਨ। ਸ.ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਪੁਲਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਵੀ ਮੰਗ ਕੀਤੀ ਹੈ। ਸ. ਢੀਂਡਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਕਿਸਾਨਾਂ ਵਿਰੁੱਧ ਢਾਏ ਜਾ ਰਹੇ ਤਸ਼ੱਦਦ ਨੂੰ ਤੁਰੰਤ ਬੰਦ ਕਰਨ ਲਈ ਆਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਨੇ ਹਮੇਸ਼ਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਕਿਸਾਨ ਅੰਦੋਲਨ ਵਿਚ ਵੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕੀਤਾ ਅਤੇ ਭਵਿੱਖ ਵਿਚ ਵੀ ਪਾਰਟੀ ਇਸੇ ਤਰ੍ਹਾਂ ਕਿਸਾਨਾਂ ਦੀ ਹਮਾਇਤ ਕਰਦੀ ਰਹੇਗੀ। ਸ.ਢੀਂਡਸਾ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹਰੇਕ ਦਾ ਲੋਕਤੰਤਰਿਕ ਅਧਿਕਾਰ ਹੈ। ਇਸ ਕਰਕੇ ਕੇਂਦਰ ਅਤੇ ਹੋਰ ਕਿਸੇ ਵੀ ਰਾਜ ਨੂੰ ਆਪਣੇ ਨਾਗਰਿਕਾਂ ਤੋ ਇਹ ਅਧਿਕਾਰ ਖੋਹਣਾ ਨਹੀਂ ਚਾਹੀਦਾ ਹੈ। ਕੇਂਦਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਨਾ ਕਰੇ। ਇਸ ਮੌਕੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਨਿਰਮਲ ਸਿੰਘ,ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੰਜਾਬ ਦੇ ਸੱਕਤਰ ਰਾਜੇਸ਼ ਸਿੰਗਲਾ ਹਾਜ਼ਰ ਸਨ।

Leave a Reply

Your email address will not be published. Required fields are marked *