ਉਦੇ ਧੀਮਾਨ,ਬੱਸੀ ਪਠਾਣਾਂ: ਖਨੌਰੀ ਬਾਰਡਰ ਉਤੇ ਹਰਿਆਣਾ ਪੁਲਿਸ ਪ੍ਰਸਾਸ਼ਨ ਵੱਲੋਂ ਚਲਾਈ ਗੋਲੀ ਨਾਲ ਪੰਜਾਬ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ ਦੀ ਕਾਗਰਸ ਕਮੇਟੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਪੰਜਾਬ ਸਰਕਾਰ ਕੋਲੋਂ ਜਲਦ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਨੂੰ ਹੱਕ ਨਾ ਦੇ ਕੇ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਕੋਝਾ ਮਜਾਕ ਕਰ ਰਹੀ ਹੈ, ਜੋ ਲੋਕਤੰਤਰ ਦਾ ਪੂਰੀ ਤਰ੍ਹਾਂ ਨਾਲ ਘਾਣ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਬਾਰਡਰ ਉੱਤੇ ਬੈਠੇ ਭਾਰਤ ਦੇ ਪੰਜਾਬੀ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਜਾਣਾ ਚਾਹੁੰਦੇ ਹਨ, ਪਰ ਹਰਿਆਣਾ ਸਰਕਾਰ ਵੱਲੋਂ ਪੁਲਿਸ ਸਮੇਤ ਹੋਰ ਫੋਰਸ ਲਗਾ ਕੇ ਉਨ੍ਹਾਂ ਨੂੰ ਪੰਜਾਬ-ਹਰਿਆਣਾ ਬਾਰਡਰਾਂ ਉੱਤੇ ਰੋਕ ਕੇ ਰੱਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਪ੍ਰਸਾਸਨ ਵੱਲੋਂ ਆਪਣੀ ਹੀ ਦੇਸ਼ ਦੇ ਕਿਸਾਨਾਂ ਉੱਤੇ ਗੋਲੀ ਚਲਾਉਣਾ ਬਹੁਤ ਹੀ ਮੰਦਭਾਗੀ ਗੱਲ ਹੈ, ਜਿਸ ਦੀ ਉਹ ਸਖਤ ਸਬਦਾਂ ਵਿੱਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਪ੍ਰਸਾਸਨ ਦੀ ਗੋਲੀ ਨਾਲ ਪੰਜਾਬੀ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜਦਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੋਲੀ ਚਲਾਉਣ ਵਾਲੇ ਵਿਅਕਤੀ ਉੱਤੇ 302 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰੇ।ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਸ਼ਰੇਆਮ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਿਹਾ ਹੈ।ਖੁਦ ਨੂੰ ਕਾਨੂੰਨ ਦਾ ਰੱਖਿਅਕ ਦੱਸਣ ਵਾਲੇ ਖੁਦ ਹੀ ਕਾਨੂੰਨ ਨੂੰ ਤੋੜ ਰਹੇ ਹਨ।ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਅਵਾਜ ਬਲੁੰਦ ਕਰਨ ਵਾਲਿਆਂ ਨੂੰ ਦੇਸ਼ ਵਿਰੋਧੀ ਮੰਨਣਾ ਕਿਥੋਂ ਦਾ ਇਨਸਾਫ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ ਹਨ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਵੇ|