ਆਪਣੀਆਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਦਾ ਅਨੋਖਾ ਪ੍ਰਦਰਸ਼ਨ, ਜਾਗੋ ਕੱਢ ਕੇ ਕੀਤੀ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲੰਦ

–  21 ਵੇਂ ਦਿਨ ਵੀ ਭੁੱਖ ਹੜਤਾਲ ਰਹੀ ਜਾਰੀ

ਸੰਗਰੂਰ, 21 ਸਤੰਬਰ (ਨਿਊਜ਼ ਟਾਊਨ) : ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ ਮੰਗਾਂ ਦੇ ਹੱਕ ਵਿਚ 1 ਸੰਬਤਰ ਤੋਂ ਸੰਗਰੂਰ ਵਿਖੇ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਜੋ ਅੱਜ 21ਵੇਂ ਦਿਨ ਵੀ ਜਾਰੀ ਰਹੀ। ਅੱਜ ਦੀ ਇਸ ਲੜੀਵਾਰ ਭੁੱਖ ਹੜਤਾਲ ਵਿਚ ਰਵਿੰਦਰ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਸੁਮਿਤ ਗੋਇਲ ਜ਼ਿਲ੍ਹਾ ਬਠਿੰਡਾ, ਬਲਜੀਤ ਸਿੰਘ ਅਤੇ ਰਾਕੇਸ਼ ਕੁਮਾਰ ਜ਼ਿਲ੍ਹਾ ਪਟਿਆਲਾ ਤੋਂ ਭੁੱਖ ਹੜਤਾਲ ਤੇ ਬੈਠੇ। ਇਸ ਮੌਕੇ ਕੋੰਪਊਟਰ ਅਧਿਆਪਕਾਂ ਦੇ ਨਾਲ ਨਾਲ਼ ਵੱਡੀ ਗਿਣਤੀ ਵਿਚ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤੀ ਕੀਤੀ। ਇਸ ਧਰਨੇ ਦੌਰਾਨ ਸੂਬਾ ਆਗੂ ਜੌਨੀ ਸਿੰਗਲਾ ਅਤੇ ਗੁਰਬਖਸ ਲਾਲ ਵੀ ਮੌਜੂਦ ਰਹੇ।
ਇਸਦੇ ਨਾਲ ਹੀ ਪੰਜਾਬ ਭਰ ਤੋਂ ਆਏ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਅਤੇ ਆਪਣੀਆਂ ਹੱਕੀ ਮੰਗਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਧਰਨੇ ਵਾਲੇ ਸਥਾਨ ਤੋਂ ਸਦਰ ਬਜ਼ਾਰ ਵਿੱਚੋਂ ਹੁੰਦੇ ਹੋਏ ਬੜਾ ਚੋਂਕ ਤੱਕ ‘ਜਾਗੋ’ ਕੱਢੀ ਗਈ ਅਤੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲੀ ਗਈ। ਇਸ ਮੌਕੇ ਮਹਿਲਾ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਪਿੱਟ ਸਿਆਪਾ ਕਰਦੇ ਹੋਏ ਜਬਰਦਸਤ ਰੋਸ ਮੁਜਾਹਰਾ ਕੀਤਾ ਅਤੇ ਸਰਕਾਰ ਦੇ ਝੂਠੇ ਵਆਦਿਆਂ ਦਾ ‘ਛੱਜ’ ਵੀ ਤੋੜਿਆ।
ਇਸ ਮੌਕੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ, ਗੁਰਬਖਸ਼ ਲਾਲ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਦੇ ਲਈ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਝੂਠੇ ਵਆਦੇ ਹੀ ਸਾਬਿਤ ਹੋਏ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੀ ਉਨਾਂ ਦੇ ਨਾਲ ਅਜਿਹਾ ਹੀ ਕਰਦੀਆਂ ਰਹੀਆਂ ਹਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨਾਂ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਜੋ ਕਿ ਨਿੰਦਣਯੋਗ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।
ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਵਜੂਦ ਵੀ ਉਹ ਪਿਛਲੇ 19 ਸਾਲਾਂ ਤੋਂ ਲਗਾਤਾਰ ਆਪਣੇ ਹੱਕਾਂ ਦੇ ਸੜਕਾਂ ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ ਪਰ ਨਾਂ ਉਨ੍ਹਾਂ ਦੀ ਪਹਿਲਾਂ ਕਿਸੇ ਸਰਕਾਰ ਨੇ ਸੁਣੀ ਅਤੇ ਨਾ ਹੀ ਹੁਣ ਮੌਜੂਦਾ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ। ਉਨਾਂ ਨੂੰ ਪੰਜਾਬ ਸਿਵਲ ਸਰਵਿਸਿਸ ਦੇ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਲੇਕਿਨ ਜਿਉਂ ਜਿਉਂ ਸਮਾਂ ਬੀਤਦਾ ਜਾ ਰਿਹਾ ਹੈ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਦਿੱਤੇ ਹੱਕ ਵੀ ਖੋਹੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗੂੰ ਉਨਾਂ ਨੂੰ ਹਾਲੇ ਤੱਕ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਜਦੋਂ ਕਿ ਉਨਾਂ ਨੂੰ ਪਹਿਲਾਂ 5ਵੇਂ ਪੇ ਕਮਿਸ਼ਨ ਦੇ ਅਨੁਸਾਰ ਤਨਖਾਹ ਮਿਲ ਰਹੀ ਹੈ। ਕਿਸੇ ਵੀ ਕੰਪਿਊਟਰ ਅਧਿਆਪਕ ਨੂੰ ਅੱਜ ਤੱਕ ਮੈਡੀਕਲ ਰਿੰਬਰਸਮੈਂਟ ਦਾ ਲਾਭ ਨਹੀਂ ਦਿੱਤਾ ਗਿਆ ਹੈ। ਸੂਬੇ ਭਰ ਦੇ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਬਾਕੀ ਕਰਮਚਾਰੀਆਂ ਵਾਂਗੂੰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਵਿੱਤੀ ਲਾਭ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜੋ ਕਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ