ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਦੇ ਕੈਂਪ ਲੋਕਾਂ ਲਈ ਵਰਦਾਨ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਪਿੰਡ ਚੁੰਨੀ ਖੁਰਦ ਦੇ ਕਮਿਊਨਿਟੀ ਸੈਂਟਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ

 

ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ, ਰੂਪ ਨਰੇਸ਼:

“ਆਪ ਦੀ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਚੁੰਨੀ ਖੁਰਦ ਦੇ ਕਮਿਊਨਿਟੀ ਸੈਂਟਰ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਚੁੰਨੀ ਖੁਰਦ, ਮਹਿਦੂਦਾਂ, ਬਾਸੀਆਂ, ਦੌਲਤਪੁਰ, ਤਾਜਪੁਰਾ, ਭਗਤਪੁਰਾ, ਪੱਤੋਂ, ਨਰੈਣਾ, ਬੀਰੋ ਮਾਜਰੀ, ਪਵਾਲਾ ਅਤੇ ਗੜੋਲੀਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ।

ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਫਾਇਦਾ ਹੋ ਰਿਹਾ ਹੈ। ਇਹਨਾਂ ਕੈਂਪਾਂ ਸਦਕਾ ਪਿਛਲੇ ਸਮਿਆਂ ਦੌਰਾਨ ਲੋਕਾਂ ਨੂੰ ਦਫਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਅ ਹੁੰਦਾ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਨਹੀਂ ਜਾਂਦਾ। ਉਹਨਾਂ ਕਿਹਾ ਕਿ ਪਿੰਡਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਪਿੰਡਾਂ ਦੀਆਂ ਮੁਸ਼ਕਲਾਂ ਹਰ ਹਾਲ ਹੱਲ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਦਿੱਕਤਾਂ ਦਰਪੇਸ਼ ਸਨ ਪ੍ਰੰਤੂ ਹੁਣ ਲੋਕਾਂ ਦੇ ਘਰਾਂ ਨਜ਼ਦੀਕ ਜਾ ਕੇ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਸਕਣ।

ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾ ਰਿਹਾ ਹੈ। ਸਾਰਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਾ ਹੈ। ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ, ਓਥੇ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ ਵੱਡੀ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ। ਕੈਂਪ ਦੌਰਾਨ ਹਲਕਾ ਵਿਧਾਇਕ ਨੇ ਹਰ ਵਿਭਾਗ ਦੇ ਡੈਸਕ ਕੋਲ ਜਾ ਕੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਸੋਨੀ ਸੈਂਪਲੀ, ਹਰਜੀਤ ਸਿੰਘ, ਇੰਦਰਜੀਤ ਸਿੰਘ, ਕਾਲਾ ਕਮਾਲੀ, ਬਲਜਿੰਦਰ ਰਸੂਲਪੁਰ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *