ਸੂਬੇ ਭਰ ਦੇ ਕੰਪਿਊਟਰ ਅਧਿਆਪਕ 28 ਨੂੰ ਖਟਕੜ ਕਲਾਂ ਵਿਖੇ ਕਰਨਗੇ ‘ਮਹਾਂ ਰੈਲੀ’

– ਮੁੱਖ ਮੰਤਰੀ ਦਾ ਘਿਰਾਓ ਕਰਕੇ ਯਾਦ ਕਰਵਾਉਣਗੇ ਚੋਣਾਂ ਵਿਚ ਕੀਤਾ ਹੋਇਆ ਵਾਅਦਾ

ਚੰਡੀਗੜ੍ਹ, 24 ਸਤੰਬਰ (ਨਿਊਜ਼ ਟਾਊਨ) – ਸਿੱਖਿਆ ਵਿਭਾਗ ਦੇ ਅਧੀਨ ਮਰਜਿੰਗ, ਛੇਵੇਂ ਪੇ ਕਮੀਸ਼ਨ ਦਾ ਲਾਭ ਆਦਿ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਬੀਤੀ 1 ਸਤੰਬਰ ਤੋਂ ਸੰਗਰੂਰ ਵਿਖੇ ਭੁੱਖ ਹੜਤਾਲ ਤੇ ਬੈਠੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਗੁੱਸਾ ਸੱਤਵੇਂ ਆਸਮਾਨ ਤੇ ਹੈ। ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਦੇ ਚੱਲਦੇ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ ਜਿਸ ਵਿਚ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ,  ਨਰਦੀਪ ਸ਼ਰਮਾ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਰਜਵੰਤ ਕੌਰ ਆਦਿ ਨੇ ਦੱਸਿਆ ਕਿ ਉਹ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਪਿਛਲੇ 19 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਨਾ ਤਾਂ ਪਿਛਲੀਆਂ ਸਰਕਾਰ ਤੇ ਨਾ ਹੀ ਮੌਜੂਦਾ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਹੋਰਨਾਂ ਆਗੂ  ਜੋ ਕਾਂਗਸਰ ਸਰਕਾਰ ਮੌਕੇ ਕੰਪਿਉਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਤਤਕਾਲੀਨ ਸਰਕਾਰ ਨੂੰ ਕੋਸਦੇ ਸਨ, ਅੱਜ ਉਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਅਤੇ ਪੂਰਾ ਕਰਨ ਤੋਂ ਪਾਸਾ ਵੱਟ ਗਏ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਭਗ 30 ਵਾਰ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦੇ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਨਾਲ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਘਰਸ਼ ਆਰ ਪਾਰ ਦੀ ਲੜਾਈ ਵਿਚ ਤਬਦੀਲ ਹੋਵੇਗਾ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਸੰਘਰਸ਼ ਦੇ ਅਧੀਨ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਸੂਬਾ ਪੱਧਰੀ ਮਹਾਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਜਿੱਥੇ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਦੇ ਨਾਲ ਸ਼ਾਮਿਲ ਹੋਣਗੇ ਉਥੇ ਵੱਖ ਵੱਖ ਕਰਮਚਾਰੀ ਅਤੇ ਕਿਸਾਨ ਜਥੇਬੰਦੀਆਂ ਨੇ ਵੀ ਇਸ ਐਕਸ਼ਨ ਵਿਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਕੰਪਿਊਟਰ ਅਧਿਆਪਕ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਘਿਰਾਓ ਕਰਦੇ ਹੋਏ ਉਨ੍ਹਾਂ ਨੂੰ ਚੋਣਾਂ ਵੇਲ਼ੇ ਕੀਤਾ ਵਾਅਦਾ ਯਾਦ ਕਰਵਾਇਆ ਜਾਵੇਗਾ।

ਕੀ ਹਨ ਕੰਪਿਊਟਰ ਦੀਆਂ ਅਧਿਆਪਕਾਂ ਦੀਆਂ ਮੰਗਾਂ?

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਉਹਨਾਂ ਦੀ ਮੰਗ ਹੈ ਕਿ ਸਾਲ 2011 ਵਿੱਚ ਉਹਨਾਂ ਨੂੰ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਹਨਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ, ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਜਿਨ੍ਹਾਂ ਕੰਪਿਊਟਰ ਦੀਆਂ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।  ਕੰਪਿਊਟਰ ਅਧਿਆਪਕਾਂ ਆਗੂਆਂ ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਸ਼ਰਤ ਨਹੀਂ ਮੰਨ ਲਿਆ ਜਾਂਦਾ ਉਦੋਂ ਤੱਕ ਉਹਨਾਂ ਦਾ ਸੰਘਰਸ਼ ਇੰਜ ਹੀ ਜਾਰੀ ਰਹੇਗਾ ਅਤੇ ਇਸ ਨੂੰ ਸਮੇਂ ਦੇ ਨਾਲ ਨਾਲ ਹੋਰ ਤੇਜ਼ ਕਰ ਦਿੱਤਾ ਜਾਵੇਗਾ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ