
ਸਰਹਿੰਦ (ਥਾਪਰ): ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨਾਲ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ‘ਚ ਮੋਢੀ ਸੂਬੇ ਵਜੋਂ ਜਾਣਿਆਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਬਸੀ ਪਠਾਣਾ ਦੇ 05 ਸਕੂਲਾਂ ਵਿੱਚ 01 ਕਰੋੜ 02 ਲੱਖ 477 ਰੁਪਏ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਦਾ ਮਿਆਰ ਉੱਚਾ ਕਰਕੇ ਹਰੇਕ ਨਾਗਰਿਕ ਤੱਕ ਮਿਆਰੀ ਸਿੱਖਿਆ ਪਹੁੰਚਾਈ ਜਾਵੇਗੀ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕਰਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ 20 ਹਜ਼ਾਰ ਅਧਿਆਪਕ ਭਰਤੀ ਕੀਤੇ ਹਨ ਅਤੇ 13 ਹਜ਼ਾਰ ਅਧਿਆਪਕਾਂ ਨੂੰ ਰੈਗੁਲਰ ਕਰਕੇ ਤਨਖਾਹਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਅੱਖੋਂ ਪਰੋਖੇ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਲਾਭ ਪਹੁੰਚਾਇਆ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਕੇ ਸੂਬੇ ਦੇ ਸਿੱਖਿਆ ਮਾਡਲ ਨੂੰ ਨਮੂਨੇ ਦਾ ਬਣਾ ਰਹੀ ਹੈ।ਵਿਧਾਇਕ ਹੈਪੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਵਿਖੇ 27.52 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਚੁੰਨੀ ਕਲਾਂ ਵਿਖੇ 15.0977 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲਹੇੜੀ ਵਿਖੇ 49.83 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਲਹੇੜੀ ਵਿਖੇ 1.1 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਸੁੰਬੜੀ ਵਿਖੇ 6.7 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਵੜੈਚ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੋਨੀ,ਡੀ ਈ ਓ (ਸ) ਸੁਸ਼ੀਲ ਨਾਥ, ਸਿਮਰਜੀਤ ਸਿੰਮਾਂ ਬਲਾਕ ਪ੍ਰਧਾਨ,ਡਿਪਟੀ ਡੀ ਈ ਓ(ਐਲੀ) ਕਮਲਜੀਤ ਕੌਰ,ਰਾਮ ਭੂਸ਼ਣ ਪ੍ਰਿੰਸੀਪਲ, ਧਰਮਿੰਦਰ ਸਿੰਘ, ਕੇਸਰ ਸਿੰਘ ਸਰਪੰਚ, ਨੌਰੰਗ ਸਿੰਘ ਖੜੌਡ, ਐੱਸ ਐਮ ਸੀ ਮੈਂਬਰ ਅਤੇ ਇਲਾਕੇ ਦੇ ਪੰਚ- ਸਰਪੰਚ ਹਾਜ਼ਰ ਸਨ।