
ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਆਦਰਸ਼ ਚੋਣ ਜਾਬਤਾ ਲਾਗੂ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਟ੍ਰੇਨਿੰਗ
ਫ਼ਤਹਿਗੜ੍ਹ ਸਾਹਿਬ, 28 ਨਵੰਬਰ:
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਇਨ੍ਹਾਂ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸ਼ਾਮ, ਜ਼ਿਲ੍ਹਾ ਚੋਣਕਾਰ ਅਫ਼ਸਰ – ਕਮ -ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਗੁਪਤਾ ਨੇ ਚੋਣਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ।
ਜ਼ਿਲ੍ਹਾ ਚੋਣਕਾਰ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 77 ਬਲਾਕ ਸੰਮਤੀ ਅਤੇ 10 ਜ਼ਿਲ੍ਹਾ ਪਰਿਸ਼ਦ ਦੀਆਂ ਸੀਟਾਂ ਲਈ ਵੋਟਾਂ ਪੈਣਗੀਆਂ। ਨਾਮਜ਼ਦਗੀ ਪੱਤਰ 1 ਦਸੰਬਰ ਤੋਂ 4 ਦਸੰਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 4 ਦਸੰਬਰ ਨੂੰ ਬਾਅਦ 3 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਦਸਤਾਵੇਜਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ ਜਦਕਿ ਉਮੀਦਵਾਰ 6 ਦਸੰਬਰ ਤੱਕ ਆਪਣੀਆਂ ਨਾਮਜਦਗੀਆਂ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਚੋਣ ਨਤੀਜੇ ਆਉਣਗੇ। ਉਹਨਾਂ ਦੱਸਿਆ ਕਿ ਈਵੀਐਮ ਦੀ ਥਾਂ ਤੇ ਬੈਲਟ ਪੇਪਰ ਨਾਲ ਵੋਟਿੰਗ ਹੋਵੇਗੀ।
ਵਧੀਕ ਜ਼ਿਲ੍ਹਾ ਚੋਣਕਾਰ ਅਫਸਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਮੂਹ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਸਮੁੱਚੇ ਅਮਲੇ ਨੂੰ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਸਫਲ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਐਸ.ਪੀ ਹਰਵੰਤ ਕੌਰ, ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ, ਜ਼ਿਲ੍ਹਾ ਸੂਚਨਾ ਅਫਸਰ ਮੌਜੂਦ ਸਨ।
This news is auto published from an agency/source and may be published as received.
