
ਰਾਸ਼ਟਰੀ ਲੋਕ ਅਦਾਲਤ 13 ਦਸੰਬਰ ਨੂੰ ਲੱਗੇਗੀ : ਜ਼ਿਲ੍ਹਾ ਤੇ ਸ਼ੈਸ਼ਨ ਜੱਜ
ਫਤਹਿਗੜ੍ਹ ਸਾਹਿਬ, 1 ਦਸੰਬਰ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ, ਜਿਸ ਦਾ ਆਯੋਜਨ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ 13 ਦਸੰਬਰ ਦੀ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।
ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾਯੋਗ,ਫੌਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਅਤੇ ਘਰੇਲੂ ਝਗੜਿਆਂ ਸਬੰਧੀ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਇਸ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ। ਇਸ ਲੋਕ ਅਦਾਲਤ ਵਿੱਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫੀਸ ਵੀ ਨਹੀਂ ਲੱਗਦੀ ਅਤੇ ਲੋੜਵੰਦਾਂ ਨੂੰ ਵਕੀਲ ਦੀਆਂ ਮੁਫਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
This news is auto published from an agency/source and may be published as received.
