ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ’ਚ ਗੈਂਗਸਟਰਾਂ ਦੀ ਵਰਤੋਂ ਤੇ ਗੁੰਡਾਗਰਦੀ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਤੇ ਵਿਧਾਇਕ ਗੁੰਡਾਗਰਦੀ, ਗੈਂਗਸਟਰਾਂ ਦੀ ਵਰਤੋਂ, ਪੁਲਿਸ ਦੀ ਬਦਨੀਅਤੀ ਤੇ ਧੱਕੇ ਨਾਲ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ।

ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਦੋਂ ਪੰਜਾਬ ਦੇ ਇੰਚਾਰਜ ਸਨ ਤਾਂ ਖੁੱਲ੍ਹੇ ਸ਼ਬਦਾਂ ’ਚ ਕਿਹਾ ਸੀ, “2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੋਈ ਵੀ ਤਰੀਕਾ ਅਪਣਾਓ – ਝੂਠ ਹੋਵੇ, ਸੱਚ ਹੋਵੇ, ਜ਼ਬਰਦਸਤੀ ਹੋਵੇ, ਰਿਸ਼ਵਤ ਹੋਵੇ ਜਾਂ ਧੋਖਾ ਹੋਵੇ।” ਉਨ੍ਹਾਂ ਕਿਹਾ ਕਿ ਅੱਜ ਉਹੀ ਮਾਨਸਿਕਤਾ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਦਿਖਾਈ ਦੇ ਰਹੀ ਹੈ।

ਉਨ੍ਹਾਂ ਪਟਿਆਲਾ ਦੇ ਐੱਸਐੱਸਪੀ ਵਰੁਣ ਰੂਪਲ ਦੀ ਵਾਇਰਲ ਹੋਈ ਆਡੀਓ ਕਲਿੱਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਤਰਨ ਤਾਰਨ ’ਚ ਹਰ ਬੂਥ ’ਤੇ ਖੁਫੀਆ ਅਧਿਕਾਰੀ ਤਾਇਨਾਤ ਕੀਤੇ ਗਏ ਸਨ ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਜੇਲ੍ਹ ਤੋਂ ਲਿਆਂਦਾ ਗਿਆ ਸੀ। ਲਾਰੈਂਸ ਬਿਸ਼ਨੋਈ ਵੱਲੋਂ ਦਿੱਤੀ ਇੰਟਰਵਿਊ ’ਚ ਵੀ ‘ਆਪ’ ਨਾਲ ਸਬੰਧਾਂ ਦਾ ਜ਼ਿਕਰ ਸਾਹਮਣੇ ਆਇਆ ਸੀ। ਰਾਜਾ ਵੜਿੰਗ ਨੇ ਕਿਹਾ ਕਿ ਇਹ ‘ਆਪ’ ਤੇ ਗੈਂਗਸਟਰਾਂ ਦਾ ਗਠਜੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਡੇਰਾ ਬਾਬਾ ਨਾਨਕ ’ਚ ‘ਆਪ’ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਪੱਗ ਉਤਾਰ ਕੇ ਕਿਹਾ, “ਪੱਗ ’ਚ ਕਿਹੜੇ ਮੇਖ ਹਨ? ਬੰਨ੍ਹੀ ਜਾਂਦੀ ਐ ਤੇ ਖੋੱਲ੍ਹੀ ਜਾਂਦੀ ਐ।” ਰਾਜਾਸਾਂਸੀ ’ਚ ‘ਆਪ’ ਵਿਧਾਇਕ ਗੁਰਲਾਲ ਘਨੌਰ ਨੇ ਕਾਂਗਰਸ ਉਮੀਦਵਾਰ ਜੌਹਨੀ ਦੇਵੀ ਦੇ ਨਾਮਜ਼ਦਗੀ ਪੱਤਰ ਖੋਹ ਲਏ ਤੇ ਇਕ ਹੋਰ ਮਹਿਲਾ ਉਮੀਦਵਾਰ ਦੇ ਪਤੀ ਨੂੰ ਅਗਗਵਾ ਕਰਵਾ ਦਿੱਤਾ। ਬੁਢਲਾਡਾ ’ਚ 4 ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਨਹੀਂ ਦਿੱਤੇ ਗਏ ਤੇ ਰਿਟਰਨਿੰਗ ਅਫ਼ਸਰ ਉੱਠ ਕੇ ਚਲੇ ਗਏ।

ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਨੂੰ ਹਾਰ ਦਾ ਡਰ ਸਤਾ ਰਿਹਾ ਹੈ, ਇਸ ਲਈ ਪੁਲਿਸ ਤੇ ਅਧਿਕਾਰੀਆਂ ਨੂੰ ਧਮਕਾਇਆ ਜਾ ਰਿਹਾ ਹੈ। ਪਹਿਲਾਂ ਚੋਣਾਂ ਟਾਲੀਆਂ ਗਈਆਂ, ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਚੋਣਾਂ ਕਰਵਾਉਣੀਆਂ ਪੈ ਰਹੀਆਂ ਹਨ, ਇਸ ਲਈ ਹੁਣ ਗੁੰਡਾਗਰਦੀ, ਧੌਂਸ ਤੇ ਧਮਕੀਆਂ ਨਾਲ ਚੋਣਾਂ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ‘ਆਪ’ ਦੇ ਇਸ਼ਾਰਿਆਂ ’ਤੇ ਗਲਤ ਕੰਮ ਕਰਨਗੇ ਤਾਂ ਸਰਕਾਰ ਬਦਲਣ ਤੋਂ ਬਾਅਦ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਂਗਰਸ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਰੱਖਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ।

This news is auto published from an agency/source and may be published as received.

Leave a Reply

Your email address will not be published. Required fields are marked *