
ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੂੰ ਸ਼ਾਂਤਮਈ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਅੱਜ ਪ੍ਰਸ਼ਾਸ਼ਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸ ਤੋਂ ਪਹਿਲਾਂ ਹਰ ਪੱਖੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।
ਜਗਜੀਤ ਸਿੰਘ ਨੇ ਦੱਸਿਆ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਵੋਟਿੰਗ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਠੋਸ ਰਣਨੀਤੀ ਤਿਆਰ ਕਰਨਾ, ਚੋਣਾਂ ਲਈ ਤਾਇਨਾਤ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਨੈਤਿਕ ਜ਼ਿੰਮੇਵਾਰੀ ਹੈ ਜਿਸ ਨੂੰ ਨਿਭਾਉਣ ਵਿਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ, “ਸਾਡਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਵੋਟਰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ ‘ਤੇ ਜ਼ੋਰ ਦਿੰਦਿਆਂ ਚੋਣ ਅਬਜ਼ਰਵਰ ਜਗਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪੋਲਿੰਗ ਬੂਥਾਂ ‘ਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਖਾਸ ਤੌਰ ‘ਤੇ ਸੈਂਸਟਿਵ ਅਤੇ ਹਾਈਪਰ ਸੈਂਸਟਿਵ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ, ਜਿੱਥੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਵਾਧੂ ਸੁਰੱਖਿਆ ਤਾਇਨਾਤੀ ਕੀਤੀ ਜਾਵੇ।
ਅਬਜ਼ਰਵਰ ਨੇ ਹਾਈਪਰ ਸੈਂਸਟਿਵ ਬੂਥਾਂ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਲਾਈਵ ਨਿਗਰਾਨੀ ਰੱਖਣ ਅਤੇ ਵੀਡੀਓਗ੍ਰਾਫੀ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਚਾਣ ਕਰਕੇ ਗਸ਼ਤ ਵਧਾਉਣ ਲਈ ਵੀ ਕਿਹਾ।ਉਨ੍ਹਾਂ ਸ਼ਰਾਰਤੀ ਅਨਸਰਾਂ ਅਤੇ ਚੋਣਾਂ ਵਿੱਚ ਗੜਬੜ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੀ ਹਦਾਇਤ ਦਿੱਤੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਅਤੇ ਸੁਪਰਡੈਂਟ ਆਫ਼ ਪੁਲਿਸ ਹਰਵੰਤ ਕੌਰ ਸਮੇਤ ਹੋਰ ਚੋਣ ਅਧਿਕਾਰੀ ਮੌਜੂਦ ਸਨ।
ਜਗਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ।

ਮੀਟਿੰਗ ਦੌਰਾਨ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੇ ਅਬਜ਼ਰਵਰ ਨੂੰ ਭਰੋਸਾ ਦਿਵਾਇਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਸਮਰਪਣ ਭਾਵਨਾ ਨਾਲ ਕੰਮ ਕਰਨਗੇ।
——————————
This news is auto published from an agency/source and may be published as received.
