
ਮੋਰਿੰਡਾ, 10 ਦਸੰਬਰ (ਨਿਊਜ਼ ਟਾਊਨ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਲੋਕ ਭਲਾਈ ਨੀਤੀਆਂ ਨੂੰ ਮੁੜ ਮਜ਼ਬੂਤ ਕਰਨ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ। ਉਹ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਉਮੀਦਵਾਰ ਗੁਰਵਿੰਦਰ ਸਿੰਘ ਕਕਰਾਲੀ ਅਤੇ ਬਲਾਕ ਸੰਮਤੀ ਮੋਰਿੰਡਾ ਦੀ ਉਮੀਦਵਾਰ ਸੁਖਵਿੰਦਰ ਕੌਰ ਮੂੰਡੀਆ ਸਮੇਤ ਹੋਰ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਚੰਨੀ ਨੇ ਪਿੰਡ ਕਲਾਰਾਂ ਵਿਖੇ ਭਾਰੀ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਤੋਂ ਵੱਧ ਹੋ ਚੁੱਕੇ ਹਨ, ਪਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਉਹਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਸਿਰਫ਼ ਲਾਰੇ ਲਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬੇਹਾਲ ਹੈ ਤੇ ਰੋਜ਼ਾਨਾ ਕਤਲ, ਲੁੱਟਾਂ ਅਤੇ ਖੋਹ ਦੀਆਂ ਵਾਰਦਾਤਾਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ। ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਆਪਣਾ ਹੱਕ ਮੰਗਣ 'ਤੇ ਲਾਠੀਆਂ ਨਾਲ ਕੁਟਿਆ ਜਾ ਰਿਹਾ ਹੈ। ਬੀਬੀਆਂ ਨੂੰ ਵਾਅਦੇ ਮੁਤਾਬਕ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਨਹੀਂ ਮਿਲ ਰਿਹਾ ਅਤੇ ਬਜ਼ੁਰਗਾਂ ਦੀ ਪੈਨਸ਼ਨ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਇਸਨੂੰ ਚਲਦਾ ਕਰਨ ਲਈ ਮੌਕੇ ਦੀ ਉਡੀਕ ਵਿੱਚ ਹਨ। ਇਸ ਮੌਕੇ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਹਰਮਿੰਦਰ ਸਿੰਘ ਲੱਕੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ, ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਸਹੇੜੀ, ਉਮੀਦਵਾਰ ਗੁਰਵਿੰਦਰ ਸਿੰਘ ਕਕਰਾਲੀ, ਠੇਕੇਦਾਰ ਬਲਵੀਰ ਸਿੰਘ ਲਾਲਾ, ਯੂਥ ਆਗੂ ਰਾਹੁਲ ਸ਼ਰਮਾ, ਬਲਵੀਰ ਸਿੰਘ ਸਹੇੜੀ ਸਮੇਤ ਕਈ ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।
——————————
This news is auto published from an agency/source and may be published as received.
