ਦੇਸ਼ ਵਿਚ ਆਜ਼ਾਦ ਚੋਣ ਕਮਿਸ਼ਨ ਸਥਾਪਤ ਕਰਨ ਦੀ ਲੋੜ : ਹਰਸਿਮਰਤ ਕੌਰ ਬਾਦਲ

ਕਿਹਾ, ਸੂਬਾ ਚੋਣਾਂ ਦੌਰਾਨ ਬਾਹਰੀ ਆਬਜ਼ਰਵਰ ਤਾਇਨਾਤ ਕੀਤੇ ਜਾਣ ਚੋਣ ਮਨੋਰਥ-ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ ਪੰਜਾਬ ਵਿਚ ਆਪ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਹਾਈਜੈਕ ਕਰ ਲਿਆ ਹੈ

ਨਵੀਂ ਦਿੱਲੀ, 11 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ, ਚੀਫ਼ ਜਸ‌ਟਿਸ ਆਫ਼ ਇੰਡੀਆ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਸਲਾਹ ਨਾਲ ਇਕ ਆਜ਼ਾਦ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ ਅਤੇ ਸੂਬਾ ਚੋਣਾਂ ਦੌਰਾਨ ਲੋਕਤੰਤਰ ਦੀ ਰਾਖੀ ਵਾਸਤੇ ਬਾਹਰੀ ਆਬਜ਼ਰਵਰ ਲਗਾਏ ਜਾਣ ਅਤੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦਾ ਰੂਪ ਦਿਤਾ ਜਾਵੇ। ਇਥੇ ਚੋਣ ਸੁਧਾਰਾਂ ਦੀ ਗੱਲ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਕਿਹਾ ਕਿ ਦੇਸ਼ ਨੂੰ ਆਜ਼ਾਦ ਤੇ ਨਿਰਪੱਖ ਚੋਣ ਕਮਿਸ਼ਨ ਦੀ ਜ਼ਰੂਰਤ ਹੈ ਜੋ ਸੱਤਾਧਾਰੀ ਪਾਰਟੀ ਦਾ ਤੋਤਾ ਨਾ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੂੰ ਨਾ ਸਿਰਫ਼ ਚੰਗੇ ਕਾਨੂੰਨਾਂ ਦੀ ਜ਼ਰੂਰਤ ਹੈ ਬਲਕਿ ਕਾਨੂੰਨ ਆਜ਼ਾਦ ਤੇ ਨਿਰਪੱਖ ਢੰਗ ਨਾਲ ਲਾਗੂ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੂੰ ਅਸੀਂ ਵੇਖ ਰਹੇ ਹਾਂ ਕਿ ਅਜਿਹੇ ਕਈ ਕਦਮ ਚੁੱਕੇ ਜਾ ਰਹੇ ਹਨ ਕਿ ਚੋਣ ਪ੍ਰਣਾਲੀ ਨੂੰ ਕਮਜ਼ੋਰ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ ਜਦਕਿ ਚੋਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਕਦਮ ਨਹੀਂ ਚੁੱਕੇ ਜਾ ਰਹੇ। ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਜਿਹਨਾਂ ਨੇ ਆਪੋ ਆਪਣੇ ਚੋਣ ਮਨੋਰਥ ਪੱਤਰ ਲਾਗੂ ਨਹੀਂ ਕੀਤੇ, ਉਹਨਾਂ ’ਤੇ ਪਾਬੰਦੀ ਕਿਉਂ ਨਹੀਂ ਲੱਗਦੀ ਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਵਾਅਦੇ ਕੀਤੇ ਜੋ ਕਦੇ ਪੂਰੇ ਨਹੀਂ ਕੀਤੇ ਗਏ। ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਣਾਲੀ ਵਿਚ ਸੁਧਾਰ ਵਾਸਤੇ ਹੇਠੋਂ ਲੈ ਕੇ ਉਪਰ ਤਕ ਸੁਧਾਰਾਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਖ਼ੁਦ ਲੋਕਤੰਤਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਵਿਚ ਬੈਠ ਕੇ ਹਾਈਜੈਕ ਕਰ ਲਿਆ ਹੈ ਜੋ ਸੂਬੇ ਦੇ ਸਰਕਾਰੀ ਜਹਾਜ਼ ਦੀ ਵਰਤੋਂ ਕਰ ਰਹੇ ਹਨ ਤੇ ਸਾਰੇ ਸਰਕਾਰੀ ਫ਼ੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਸਾਰੀ ਸਰਕਾਰ ’ਤੇ ਇਸ ਵੇਲੇ ਕੇਜਰੀਵਾਲ ਦਾ ਕਬਜ਼ਾ ਹੈ। ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦਾ ਹਾਲ ਮਾੜਾ ਹੋ ਗਿਆ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਆਡੀਓ ਕਾਨਫਰੰਸ ਕਾਲ ਵਾਇਰਲ ਹੋਈ ਜਿਸ ਦੌਰਾਨ ਐਸ ਐਸ ਪੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਕਰਦੇ ਨਜ਼ਰ ਆਏ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਰਿਟਰਨਿੰਗ ਅਫ਼ਸਰਾਂ ਦੇ ਦਫਤਰ ਵਿਚ ਪਹੁੰਚਣ ਤੋਂ ਰੋਕਿਆ ਜਾਵੇ ਤਾਂ ਜੋ ਉਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕਣ। ਸਰਦਾਰਨੀ ਬਾਦਲ ਨੇ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜਿਤਾਉਣ ਦੇ ਯਤਨ ਕੀਤੇ ਗਏ। ਉਹਨਾਂ ਕਿਹਾ ਕਿ ਮਜੀਠਾ ਵਿਚ 23 ਵਿਚੋਂ 21 ਸੀਟਾਂ ’ਤੇ ਆਪ ਦੇ ਉਮੀਦਵਾਰ ਬਿਨਾਂ ਮੁਕਾਬਲਾ ਜਿਤਾਏ ਗਏ। ਉਹਨਾਂ ਕਿਹਾ ਕਿ ਰਾਜਾਸਾਂਸੀ ਵਿਚ 35 ਵਿਚੋਂ 25 ਉਮੀਦਵਾਰ ਬਿਨਾਂ ਮੁਕਾਬਲਾ ਜਿਤਾਏ ਗਏ, ਤਰਨ ਤਾਰਨ ਵਿਚ 32 ਵਿਚੋਂ ਸਾਰੇ 32 ਉਮੀਦਵਾਰ, ਗੁਰਦਾਸਪੁਰ ਵਿਚ 22 ਵਿਚੋਂ 20 ਅਤੇ ਭੋਆ ਵਿਚ ਵਿਰੋਧੀ ਧਿਰ ਦਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਨਿਤਰਣ ਦਿਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਡਿਜੀਟਲ ਫਾਈਲਿੰਗ ਦੌਰਾਨ ਹਾਸੋਹੀਣੇ ਆਧਾਰ ’ਤੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੂੰ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਬੇਨਕਾਬ ਕੀਤਾ ਤੇ ਦੱਸਿਆ ਕਿ ਕਾਂਗਰਸ ਦੇ ਆਗੂ 500 ਕਰੋੜ ਰੁਪਏ ਦੀ ਰਿਸ਼ਵਤ ਮੁੱਖ ਮੰਤਰੀ ਪੰਜਾਬ ਦੀ ਕੁਰਸੀ ਵਾਸਤੇ ਲੈ ਕੇ ਅਹੁਦੇ ਵੇਚਦੇ ਰਹੇ ਹਨ। ਉਹਨਾਂ ਨੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

——————————
This news is auto published from an agency/source and may be published as received.

Leave a Reply

Your email address will not be published. Required fields are marked *