Punjabi English and Hindi Press note:: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਮੀਟਿੰਗ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋ ਰਹੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਚੰਡੀਗੜ੍ਹ, 15 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।

ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡ ਦੇਣਾ ਚਾਹੀਦਾ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਮੋਬਾਈਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਕਿ ਲੋੜ ਪੈਣ ’ਤੇ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਆ ਰਹੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜੋ ਮੁਫਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੰਗਤ ਦੇ ਸਹਿਯੋਗ ਲਈ ਪਾਰਟੀ ਅਤੇ ਸਿਵਲ ਸੁਸਾਇਟੀ ਦੇ ਵਲੰਟੀਅਰਾਂ ਨੂੰ ਸੇਵਾ 'ਤੇ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੋਨਿਆਂ ਵਿੱਚ 300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਕਸਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਇੱਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਵਿੱਚ 20 ਆਮ ਆਦਮੀ ਕਲੀਨਿਕ (ਏ.ਏ.ਸੀ.) ਸਥਾਪਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਲਈ ਲੋੜ ਪੈਣ 'ਤੇ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਆਲੇ-ਦੁਆਲੇ ਲੋੜੀਂਦੀ ਗਿਣਤੀ ਵਿੱਚ ਪਾਰਕਿੰਗ ਸਥਾਨ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਂਦੀ ਗਿਣਤੀ ਵਿੱਚ ਸਫਾਈ ਮਸ਼ੀਨਾਂ, ਸੀਵਰੇਜ ਸਫਾਈ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾਂ ਦੇ ਨਾਲ ਨਾਲ ਲੋੜੀਂਦੀ ਗਿਣਤੀ ਵਿੱਚ ਕਾਮਿਆਂ ਨੂੰ ਤਾਇਨਾਤ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਵਿੱਚ ਇੱਕ ਟੋਲ ਫ੍ਰੀ ਨੰਬਰ ਹੋਵੇ ਤਾਂ ਜੋ ਲੋੜ ਪੈਣ 'ਤੇ ਲੋਕ ਉਨ੍ਹਾਂ ਨਾਲ ਸੰਪਰਕ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦੁਨੀਆਂ ਭਰ ਤੋਂ ਸੰਗਤਾਂ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਕੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਪਵਿੱਤਰ ਧਰਤੀ 'ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਜਬਰ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਮਹਾਨ ਕੁਰਬਾਨੀ ਦਿੱਤੀ ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਸਥਾਨ 'ਤੇ ਆਉਂਦੀ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ 'ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਢੁਕਵੀਂ ਵਿਧੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

——————————
This news is auto published from an agency/source and may be published as received.

Leave a Reply

Your email address will not be published. Required fields are marked *