ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਆਰੰਭਿਆ ਜਾਵੇਗਾ: ਸਿਹਤ ਮੰਤਰੀ

ਡੀਸੀ ਕੰਪਲੈਕਸ ਵਿਖੇ 25 ਅਤੇ 26 ਦਸੰਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ

500-500 ਮੀਟਰ ਦੀ ਦੂਰੀ ਉੱਤੇ 20 ਆਰਜ਼ੀ ਆਮ ਆਦਮੀ ਕਲੀਨਿਕ ਸੇਵਾਵਾਂ ਪ੍ਰਦਾਨ ਕਰਨਗੇ

ਫਤਹਿਗੜ੍ਹ ਸਾਹਿਬ, 18 ਦਸੰਬਰ:

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ, ਜੋ ਕਿ 25, 26 ਅਤੇ 27 ਦਸੰਬਰ ਨੂੰ, ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ, ਦੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੇ ਜਾ ਰਹੇ ਵੱਖ- ਵੱਖ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ, ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲਗਭਗ 50 ਲੱਖ ਸ਼ਰਧਾਲੂਆਂ ਦੇ ਨਤਮਸਤਕ ਹੋਣ ਲਈ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਠੰਡ ਦਾ ਮੌਸਮ ਹੋਣ ਕਾਰਨ ਸੰਗਤਾਂ ਲਈ ਸਰਵੋਤਮ ਮੈਡੀਕਲ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਤਹਿਤ ਜਿੱਥੇ ਮਹਿਜ਼ 500 ਮੀਟਰ ਦੀ ਦੂਰੀ ਉੱਤੇ ਆਰਜ਼ੀ ਆਮ ਆਦਮੀ ਕਲੀਨਿਕ ਸੇਵਾਵਾਂ ਪ੍ਰਦਾਨ ਕਰਨਗੇ ਉਥੇ ਹੀ 24 ਘੰਟੇ ਐਮਰਜੈਂਸੀ ਸੇਵਾਵਾਂ ਅਤੇ ਡਿਸਪੈਂਸਰੀਆਂ ਵਿੱਚ ਮਾਹਿਰ ਡਾਕਟਰ ਤੈਨਾਤ ਰਹਿਣਗੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 20 ਆਰਜ਼ੀ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਇਸ ਦੌਰਾਨ 60 ਦੇ ਕਰੀਬ ਐਬੂਲੈਂਸਾਂ, ਲੋੜਵੰਦਾਂ ਨੂੰ ਫੌਰੀ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਰਹਿਣਗੀਆਂ। ਉਹਨਾਂ ਇਹ ਵੀ ਦੱਸਿਆ ਕਿ ਕ੍ਰਿਟੀਕਲ ਕੇਅਰ ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰਾਂ ਦੀ ਜੀਵਨ ਰੱਖਿਅਕ ਸਿਹਤ ਸੁਵਿਧਾ ਦਾ ਪ੍ਰਬੰਧ ਹੋਵੇਗਾ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਅਤੇ 26 ਦਸੰਬਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸ਼ਰਧਾਲੂ ਸਵੈ ਇੱਛਾ ਨਾਲ ਖੂਨਦਾਨ ਕਰ ਸਕਣਗੇ। ਉਹਨਾਂ ਇਹ ਵੀ ਦੱਸਿਆ ਕਿ ਕੈਂਪ ਦੌਰਾਨ ਲੋੜ ਅਨੁਸਾਰ ਹੀ ਖੂਨ ਇਕੱਤਰ ਕੀਤਾ ਜਾਵੇਗਾ ਅਤੇ ਖੂਨਦਾਨੀਆਂ ਦੀ ਗਿਣਤੀ ਵਧਣ ਤੇ ਉਹਨਾਂ ਦਾ ਨਾਮ ਰਜਿਸਟਰ ਕਰ ਲਿਆ ਜਾਵੇਗਾ ਤਾਂ ਜੋ ਭਵਿੱਖੀ ਲੋੜ ਅਨੁਸਾਰ ਖੂਨਦਾਨ ਕਰਵਾਇਆ ਜਾ ਸਕੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦੇ ਹੋਏ ਇਸ ਪਵਿੱਤਰ ਧਰਤੀ ਤੋਂ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਵਿਕਸਿਤ ਕਰਦੇ ਹੋਏ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਹ ਪ੍ਰਣ ਦਿਵਾਇਆ ਜਾਵੇਗਾ ਕਿ ਉਹ ਮਰਨ ਉਪਰੰਤ ਅੰਗ ਦਾਨ ਕਰਕੇ ਹੋਰ ਨਾਲ ਲੋੜਵੰਦਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਣਗੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਤੋਂ ਲੀਵਰ ਟਰਾਂਸਪਲਾਂਟ ਸੁਵਿਧਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਜਲਦੀ ਕਿਡਨੀ ਟਰਾਂਸਪਲਾਂਟ ਸੁਵਿਧਾ ਵੀ ਆਰੰਭ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਚੰਗੇ ਕਾਰਜਾਂ ਵਿੱਚ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ।

ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਮੁੱਚਾ ਪ੍ਰਸ਼ਾਸਨ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਜੁਟਿਆ ਹੋਇਆ ਹੈ ਅਤੇ ਕਿਸੇ ਵੀ ਪੱਖੋਂ ਕੋਈ ਕਮੀ ਬਾਕੀ ਨਹੀਂ ਰਹੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸਐਸਪੀ ਸ਼ੁਭਮ ਅਗਰਵਾਲ ਨੇ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਉਣ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਏਡੀਸੀ ਪੂਜਾ ਸਿਆਲ ਗਰੇਵਾਲ, ਐਸਡੀਐਮ ਸੂਬਾ ਸਿੰਘ, ਐਸਡੀਐਮ ਹਰਵੀਰ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਕਰੁਨ ਗੁਪਤਾ, ਐਸਪੀ ਰਾਕੇਸ਼ ਯਾਦਵ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *