
ਸ਼ਹੀਦੀ ਸਭਾ ਦੌਰਾਨ ਸਰਵੋਤਮ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ
ਐਸ.ਡੀ.ਐਮ. ਸੂਬਾ ਸਿੰਘ ਵੱਲੋਂ ਵੱਖ-ਵੱਖ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਹਰ ਸੁਵਿਧਾ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ
ਫ਼ਤਹਿਗੜ੍ਹ ਸਾਹਿਬ, 19 ਦਸੰਬਰ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਸ਼ਹੀਦੀ ਸਭਾ' ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿਆਪਕ ਪੱਧਰ 'ਤੇ ਜਾਰੀ ਹਨ।
ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ. ਸੂਬਾ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਸੜਕਾਂ ਦੀ ਸਾਫ਼ ਸਫਾਈ, ਰੈਣ ਬਸੇਰਿਆਂ, ਸਰਾਂ , ਰੋਸ਼ਨੀ ਪ੍ਰਬੰਧਾਂ, ਪਖਾਨਿਆਂ ਦੀ ਸਾਫ ਸਫਾਈ ਅਤੇ ਹੋਰ ਅਹਿਮ ਸਥਾਨਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।
ਨਿਰੀਖਣ ਦੌਰਾਨ ਐਸ.ਡੀ.ਐਮ. ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅਤੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਸਾਫ਼-ਸਫ਼ਾਈ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣ। ਇਸ ਦੇ ਨਾਲ ਹੀ ਸ਼ਹਿਰ ਦੇ 4 ਯਾਦਗਾਰੀ ਗੇਟਾਂ ਦੇ ਨਵੀਨੀਕਰਨ ਅਤੇ ਰੰਗ-ਰੋਗਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ।
ਸ਼ਰਧਾਲੂਆਂ ਦੀ ਸਹੂਲਤ ਲਈ ਰਾਤ ਦੇ ਸਮੇਂ ਰੋਸ਼ਨੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਵਾਧੂ ਲਾਈਟਾਂ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਐਸ.ਡੀ.ਐਮ. ਸੂਬਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਰੈਣ ਬਸੇਰਿਆਂ ਦਾ ਦੌਰਾ ਕੀਤਾ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਠੰਢ ਦੇ ਮੌਸਮ ਵਿੱਚ ਰਹਿਣ ਲਈ ਕੋਈ ਦਿੱਕਤ ਨਾ ਆਵੇ। ਉਨ੍ਹਾਂ ਰੈਣ ਬਸੇਰਿਆਂ ਵਿੱਚ ਬਿਸਤਰਿਆਂ, ਪੀਣ ਵਾਲੇ ਸਾਫ਼ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਦੀ ਚੈਕਿੰਗ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ. ਸੂਬਾ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਸਾਡੀ ਪਹਿਲ ਹੈ। ਪ੍ਰਸ਼ਾਸਨ ਵੱਲੋਂ ਟ੍ਰੈਫਿਕ ਵਿਵਸਥਾ, ਸਿਹਤ ਸਹੂਲਤਾਂ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹੀਦੀ ਸਭਾ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਰਕਰਾਰ ਰੱਖਦਿਆਂ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
——————————
This news is auto published from an agency/source and may be published as received.
