
ਸ਼ਹੀਦੀ ਸਭਾ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਅਭਿਆਨ ਸ਼ੁਰੂ
ਫਤਹਿਗੜ੍ਹ ਸਾਹਿਬ, 21 ਦਸੰਬਰ:
ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਮਨਾਈ ਜਾਣ ਵਾਲੀ ਸਾਲਾਨਾ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ, ਅੱਜ ਇਤਿਹਾਸਕ ਨਗਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਾਲ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥੇਦਾਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਜਥਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਫਾਈ ਵਿਵਸਥਾ ਵਿੱਚ ਸਹਿਯੋਗ ਦੇਣ ਲਈ ਸ਼ਮੂਲੀਅਤ ਕੀਤੀ।
ਸਫਾਈ ਅਭਿਆਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਬਾਬਾ ਜੀ ਦੀ ਅਗਵਾਈ ਹੇਠ ਨੌਜਵਾਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਮਾਰਗਾਂ, ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਜਨਤਕ ਥਾਵਾਂ 'ਤੇ ਸਫਾਈ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਸਫਾਈ ਟੀਮ ਦੇ ਇੰਚਾਰਜ ਭਾਈ ਅਮਰਜੀਤ ਸਿੰਘ ਤੇ ਹਰਦੀਪ ਸਿੰਘ ਨੇ ਦੱਸਿਆ ਕਿ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਸੇਵਾ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਗਿਆਨੀ ਹਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਦੀ ਸੇਵਾ ਕਰਨਾ ਬਹੁਤ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਵੀ ਸਾਫ-ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਜਾ ਸਕੇ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਨੇ ਜੱਥੇ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ, ਇਸ ਲਈ ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਰ ਸ਼ਰਧਾਲੂ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਰਸਤਿਆਂ ਦੀ ਸਫਾਈ ਅਤੇ ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਤਾਇਨਾਤ ਰਹਿਣਗੀਆਂ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ।
——————————
This news is auto published from an agency/source and may be published as received.
