ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਤਿੰਨ ਦਿਨਾਂ ਸ਼ਹੀਦੀ ਸਭਾ ਸੰਪੰਨ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ

ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਤਿੰਨ ਦਿਨਾਂ ਸ਼ਹੀਦੀ ਸਭਾ ਸੰਪੰਨ

-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਜੋਤੀ ਸਰੂਪ ਸਾਹਿਬ ਤਕ ਸਜਾਏ ਗਏ ਇਤਿਹਾਸਕ ਸ਼ਹੀਦੀ ਨਗਰ ਕੀਰਤਨ ‘ਚ ਲੱਖਾਂ ਦੀ ਗਿਣਤੀ 'ਚ ਸੰਗਤ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ

-ਜ਼ਿਲ੍ਹਾ ਪ੍ਰਸ਼ਾਸਨ ਦੇ ਵਿਆਪਕ ਪ੍ਰਬੰਧਾਂ ਤੇ ਪੁਲਿਸ ਵੱਲੋਂ ਸੁਰੱਖਿਆ ਇੰਤਜਾਮਾਂ ਦੀ ਸ਼ਰਧਾਲੂਆਂ ਨੇ ਕੀਤੀ ਸ਼ਲਾਘਾ

-ਡੀ ਸੀ ਤੇ ਐਸ ਐਸ ਪੀ ਵੱਲੋਂ ਸਮਾਗਮਾਂ ਦੌਰਾਨ ਸੰਗਤਾਂ ਵੱਲੋਂ ਸਵੈ-ਅਨੁਸ਼ਾਸਨ ਬਣਾਈ ਰੱਖਣ ਦੀ ਸ਼ਲਾਘਾ ਅਤੇ ਸੰਗਤਾਂ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 27 ਦਸੰਬਰ:

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੁੜੀ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ 'ਤੇ ਸੰਪੰਨ ਹੋਈ। ਇਸ ਦੌਰਾਨ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਵਿੱਚੋਂ ਪਹੁੰਚੀ ਸੰਗਤ ਨੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਜ਼ੀਮ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ. ਐਸ.ਪੀ ਸ਼ੁਭਮ ਅਗਰਵਾਲ, ਏ ਡੀ ਸੀ ਪੂਜਾ ਸਿਆਲ ਗਰੇਵਾਲ ਤੇ ਹੋਰ ਅਧਿਕਾਰੀਆਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। ਸ਼ਹੀਦੀ ਸਭਾ ਦੀ ਸਮਾਪਤੀ ਦੀ ਅਰਦਾਸ ਸਮੇਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਇਰਨ ਵਜਾਇਆ ਗਿਆ। ਇਸ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਆਪਕ ਪ੍ਰਬੰਧਾਂ ਤੇ ਪੁਲਿਸ ਵੱਲੋਂ ਕੀਤੇ ਸੁਰੱਖਿਆ ਇੰਤਜਾਮਾਂ ਦੀ ਸ਼ਰਧਾਲੂਆਂ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਬਿਹਤਰੀਨ ਪ੍ਰਬੰਧਾਂ ਦੇ ਚਲਦਿਆਂ ਸਭਾ ਸ਼ਾਤਮਈ ਤੇ ਸਫਲਤਾਪੂਰਵਕ ਸੰਪੰਨ ਹੋ ਗਈ ਹੈ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ. ਐਸ.ਪੀ ਸ਼ੁਭਮ ਅਗਰਵਾਲ ਨੇ ਸਮੁੱਚੀ ਸੰਗਤ, ਅਧਿਕਾਰੀਆਂ, ਕਰਮਚਾਰੀਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਸਮੇਤ ਵੱਖ-ਵੱਖ ਸੇਵਾ ਜੱਥੇਬੰਦੀਆਂ ਤੇ ਸ਼ਰਧਾਲੂਆਂ ਵੱਲੋਂ ਨਿਭਾਈਆਂ ਸੇਵਾਵਾਂ ਤੇ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਮਾਗਮਾਂ ਦੌਰਾਨ ਸੰਗਤਾਂ ਵੱਲੋਂ ਸਵੈ-ਅਨੁਸ਼ਾਸਨ ਬਣਾਈ ਰੱਖਣ ਦੀ ਸ਼ਲਾਘਾ ਕਰਦਿਆਂ ਸੰਗਤਾਂ ਦਾ ਧੰਨਵਾਦ ਪ੍ਰਗਟਾਇਆ।

ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਅਤੇ ਸ਼ਹੀਦੀ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਕੀਤੀ। ਇਸ ਦੌਰਾਨ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਲਿਆ। ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸ਼ਰਧਾਲੂ ਸੰਗਤਾਂ ਦੀ ਵਿਸ਼ਾਲ ਸ਼ਮੂਲੀਅਤ ਨਾਲ ਸ਼ਹੀਦੀ ਨਗਰ ਕੀਰਤਨ ਅਰੰਭ ਹੋਇਆ।

ਨਗਰ ਕੀਰਤਨ ਦੌਰਾਨ ਧਾਰਮਿਕ ਅਤੇ ਨਿਹੰਗ ਜਥੇਬੰਦੀਆਂ ਸਮੇਤ ਹੋਰ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸੋਹਿਲਾ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਸ਼ਹੀਦੀ ਸਭਾ ਦੀ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਹੁਕਮਨਾਮਾ ਲਿਆ।

——————————
This news is auto published from an agency/source and may be published as received.

Leave a Reply

Your email address will not be published. Required fields are marked *