ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਫਤਹਿਗੜ੍ਹ ਸਾਹਿਬ, ਰੂਪ ਨਰੇਸ:
ਸਿਵਲ ਸਰਜਨ ,ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਅੱਜ ਬਸੀ ਪਠਾਣਾਂ ਦੇ ਏਰੀਏ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਸਿਹਤ ਵਿਭਾਗ ਦੀ ਇਸ ਟੀਮ ਵਿੱਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੇ ਗੁਰਦੀਪ ਸਿੰਘ ,ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਸਵਿੰਦਰ ਕੌਰ, ਬਲਾਕ ਅਜੂਕੇਟਰ ਮਹਾਵੀਰ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਚਲਾਨ ਕੀਤੇ ਜਾਂਦੇ ਹਨ ਅਤੇ ਮੌਕੇ ਤੇ ਜੁਰਮਾਨਾ ਵਸੂਲ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੁੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤੰਬਾਕੂ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ ਕਿਉਕਿ ਤੰਬਾਕੂ ਸੇਵਨ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ,ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ।