
ਫ਼ਤਿਹਗੜ੍ਹ ਸਾਹਿਬ:28ਦਸੰਬਰ (ਰੂਪ ਨਰੇਸ਼): ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਰਯਾਦਾ ਨਾਲ ਸੰਪੰਨ ਹੋਈ। ਇਸ ਪਾਵਨ ਅਵਸਰ ‘ਤੇ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰੂ ਕੀ ਸਾਧ ਸੰਗਤ ਨੇ ਸ਼ਹੀਦਾਂ ਦੀ ਧਰਤੀ ‘ਤੇ ਨਤਮਸਤਕ ਹੋ ਕੇ ਗੁਰੂ ਘਰ ਵਿੱਚ ਹਾਜ਼ਰੀ ਭਰੀ।
ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸ਼ਹੀਦੀ ਸਭਾ ਦੌਰਾਨ ਪਹੁੰਚੀ ਸਮੂਹ ਸੰਗਤ, ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ, ਲੰਗਰ ਸੇਵਾ ਨਾਲ ਜੁੜੇ ਸੇਵਾਦਾਰਾਂ ਅਤੇ ਇੰਤਜ਼ਾਮੀ ਟੀਮਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਦੀ ਸ਼ਰਧਾ ਅਤੇ ਸੇਵਾਦਾਰਾਂ ਦੀ ਨਿਸ਼ਕਾਮ ਸੇਵਾ ਕਾਰਨ ਹੀ ਇਹ ਮਹਾਨ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋ ਸਕਿਆ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਮਨੁੱਖੀ ਇਤਿਹਾਸ ਵਿੱਚ ਸਦਾ ਲਈ ਅਮਰ ਹੈ, ਜੋ ਸਾਨੂੰ ਸੱਚ, ਧਰਮ, ਇਨਸਾਫ਼ ਅਤੇ ਮਨੁੱਖਤਾ ਦੇ ਰਾਹ ‘ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਅਸੀਂ ਸਭ ਇਸ ਮਹਾਨ ਕੁਰਬਾਨੀ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਨਫ਼ਰਤ, ਅਨਿਆਏ ਅਤੇ ਭੇਦਭਾਵ ਦੇ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰੀਏ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਗੁਰੂ ਘਰ, ਸੰਗਤ ਅਤੇ ਇਲਾਕੇ ਦੀ ਭਲਾਈ ਲਈ ਹਰ ਸੰਭਵ ਯਤਨ ਨਿਰੰਤਰ ਜਾਰੀ ਰਹਿਣਗੇ।
——————————
This news is auto published from an agency/source and may be published as received.
