
–ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸੇਧ ਲੈਣ ਦਾ ਸੱਦਾ
ਸ੍ਰੀ ਫਤਿਹਗੜ੍ਹ ਸਾਹਿਬ: ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵਰੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੀਨਾ ਕਾਵਰੇ ਨੇ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਵਿਸ਼ਵ ਇਤਿਹਾਸ ਦੀ ਸਭ ਤੋਂ ਵੱਡੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਅਤੇ ਧਾਰਮਿਕ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇੱਕ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਕਾਵਰੇ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਜੋ ਸ਼ਹਾਦਤ ਦਿੱਤੀ, ਉਹ ਹਰ ਇੱਕ ਇਨਸਾਨ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਬਲਾਕ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਤੇ ਕੌਂਸਲਰ ਗੁਲਸ਼ਨ ਰਾਏ ਅਤੇ ਐਡਵੋਕੇਟ ਧਰਮਿੰਦਰ ਸਿੰਘ ਨਬੀਪੁਰ ਨੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਮਹਿਜ਼ 7 ਅਤੇ 9 ਸਾਲ ਦੀ ਕੋਮਲ ਉਮਰ ਵਿੱਚ ਸਾਹਿਬਜ਼ਾਦਿਆਂ ਨੇ ਜੋ ਦਲੇਰੀ ਦਿਖਾਈ, ਉਸ ਦੀ ਮਿਸਾਲ ਕਿਤੇ ਨਹੀਂ ਮਿਲਦੀ।ਆਗੂਆਂ ਨੇ ਦੱਸਿਆ ਕਿ ਜਦੋਂ ਸਾਹਿਬਜ਼ਾਦਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਬੜੀ ਨਿਡਰਤਾ ਨਾਲ ਜਵਾਬ ਦਿੱਤਾ ਸੀ ਕਿ ”ਤੁਸੀਂ ਸਾਡੇ ਸਰੀਰ ਤਾਂ ਖ਼ਤਮ ਕਰ ਸਕਦੇ ਹੋ, ਪਰ ਸਾਡੇ ਵਿਚਾਰ ਅਤੇ ਸਿੱਖੀ ਸਿਦਕ ਨੂੰ ਕਦੇ ਖ਼ਤਮ ਨਹੀਂ ਕਰ ਸਕਦੇ। ਇਸ ਮੌਕੇ ਜਸਪ੍ਰੀਤ ਸਿੰਘ ਦੇ ਹੋਰ ਸਥਾਨਕ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
——————————
This news is auto published from an agency/source and may be published as received.
