
—— ਦੋ ਮੁਲਜ਼ਮਾਂ ਪਰਮਦੀਪ ਸਿੰਘ ਅਤੇ ਦਲਬੀਰ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਨੋਟਿਸ
ਚੰਡੀਗੜ੍ਹ, 30 ਦਸੰਬਰ (ਦੁਰਗੇਸ਼ ਗਾਜਰੀ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਨਾਲ ਸਬੰਧਤ ਬੇਹੱਦ ਸੰਵੇਦਨਸ਼ੀਲ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈ ਕੋਰਟ ਦੇ ਵੈਕੇਸ਼ਨ ਬੈਂਚ ਨੇ ਇਸ ਮਾਮਲੇ ਵਿਚ ਨਾਮਜ਼ਦ ਦੋ ਮੁਲਜ਼ਮਾਂ ਪਰਮਦੀਪ ਸਿੰਘ ਅਤੇ ਦਲਬੀਰ ਸਿੰਘ ਵਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿਤੇ ਹਨ ਕਿ ਇਸ ਮਾਮਲੇ ਵਿਚ ਹੁਣ ਤਕ ਕੀਤੀ ਗਈ ਜਾਂਚ ਦੀ ਵਿਸਤ੍ਰਿਤ ਸਟੇਟਸ ਰਿਪੋਰਟ ਅਗਲੀ ਸੁਣਵਾਈ 'ਤੇ ਪੇਸ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪਰਮਦੀਪ ਸਿੰਘ ਉਸ ਸਮੇਂ ਪਬਲੀਕੇਸ਼ਨ ਵਿਭਾਗ ਦੇ ਇੰਚਾਰਜ ਸਨ ਅਤੇ ਦਲਬੀਰ ਸਿੰਘ ਹੈਲਪਰ ਵਜੋਂ ਤਾਇਨਾਤ ਸਨ। ਪਟੀਸ਼ਨਰਾਂ ਨੇ ਅਦਾਲਤ ਵਿਚ ਦਾਅਵਾ ਕੀਤਾ ਕਿ ਸਰਕਾਰ ਨੇ ਸਿਆਸੀ ਦਬਾਅ ਹੇਠ ਆ ਕੇ ਸਾਲਾਂ ਪੁਰਾਣੇ ਇਸ ਮਾਮਲੇ ਵਿਚ ਉਨ੍ਹਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜਾਂਚ ਏਜੰਸੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਜਾਂਚ ਤੋਂ ਭੱਜ ਨਹੀਂ ਰਹੇ, ਪਰ ਉਨ੍ਹਾਂ ਨੂੰ ਗ੍ਰਿਫਤਾਰੀ ਦਾ ਡਰ ਹੈ। ਪਟੀਸ਼ਨਰਾਂ ਨੇ ਤਰਕ ਦਿੱਤਾ ਕਿ ਉਨ੍ਹਾਂ ਨੇ ਕੋਈ ਅਪਰਾਧ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਠੋਸ ਆਧਾਰ ਦੇ 'ਬਲੀ ਦਾ ਬੱਕਰਾ' ਬਣਾਇਆ ਜਾ ਰਿਹਾ ਹੈ। ਹਾਈ ਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਜਨਵਰੀ ਨੂੰ ਕਰੇਗੀ, ਜਿੱਥੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣਾ ਹੋਵੇਗਾ ਅਤੇ ਹੁਣ ਤੱਕ ਦੀ ਜਾਂਚ ਦਾ ਵੇਰਵਾ ਦੇਣਾ ਹੋਵੇਗਾ।
——————————
This news is auto published from an agency/source and may be published as received.
