ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਪੜਾਅ 10 ਜਨਵਰੀ ਤੋਂ ਹੋਵੇਗਾ ਸ਼ੁਰੂ: ਡਾ. ਸੋਨਾ ਥਿੰਦ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਪੜਾਅ 10 ਜਨਵਰੀ ਤੋਂ ਹੋਵੇਗਾ ਸ਼ੁਰੂ: ਡਾ. ਸੋਨਾ ਥਿੰਦ

ਪਿੰਡਾਂ ਅਤੇ ਵਾਰਡਾਂ ਵਿੱਚ 'ਪੈਦਲ ਯਾਤਰਾਵਾਂ' ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਲਾਮਬੰਦ

ਪਿੰਡਾਂ ਦੇ ਪਹਿਰੇਦਾਰ ਕਰਨਗੇ ਪਿੰਡਾਂ ਨੂੰ ਨਸ਼ਾ ਮੁਕਤ

ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਨੇ ਵੀ ਕੀਤੀ ਸ਼ਿਰਕਤ

ਫ਼ਤਹਿਗੜ੍ਹ ਸਾਹਿਬ, 2 ਜਨਵਰੀ:

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਮੁਹਿੰਮ ਦਾ ਦੂਜਾ ਪੜਾਅ 10 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪਹਿਲੇ ਪੜਾਅ ਦੀ ਵੱਡੀ ਸਫਲਤਾ ਤੋਂ ਬਾਅਦ ਹੁਣ ਨਸ਼ਿਆਂ ਖਿਲਾਫ ਇਸ ਲੜਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡਾਂ ਦੇ ਪਹਿਰੇਦਾਰ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ।

ਡੀਸੀ ਨੇ ਪਹਿਲੇ ਪੜਾਅ ਦੌਰਾਨ ਤਨਦੇਹੀ ਨਾਲ ਕੰਮ ਕਰਨ ਵਾਲੇ ਜ਼ਿਲ੍ਹਾ ਨਿਵਾਸੀਆਂ, ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਦੂਜੇ ਪੜਾਅ ਦੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਆਪਕ ਪੱਧਰ 'ਤੇ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ ਅਤੇ ਇਨ੍ਹਾਂ ਯਾਤਰਾਵਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਤੇ ਉਸਾਰੂ ਕੰਮਾਂ ਨਾਲ ਜੋੜਨਾ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਯਕੀਨੀ ਬਣਾਈ ਜਾਵੇ। ਡਾ. ਥਿੰਦ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੇਵਲ ਸਰਕਾਰੀ ਯਤਨਾਂ ਨਾਲ ਹੀ ਸੰਭਵ ਨਹੀਂ ਹੈ, ਇਸ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੋੜੀਂਦਾ ਹੈ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓੰਕਾਰ ਸਿੰਘ ਚੌਹਾਨ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਖ਼ੁਦ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ। ਉਨ੍ਹਾਂ ਨੇ ਮੀਟਿੰਗ ਵਿੱਚ ਵਿਸ਼ਵਾਸ ਦਿਵਾਇਆ ਕਿ ਵਲੰਟੀਅਰਾਂ ਦੀ ਮਦਦ ਨਾਲ ਇਸ ਮੁਹਿੰਮ ਨੂੰ ਪਿੰਡ-ਪਿੰਡ ਤੇ ਹਰ ਵਾਰਡ ਤੱਕ ਪਹੁੰਚਾਇਆ ਜਾਵੇਗਾ।

ਮੀਟਿੰਗ ਦੌਰਾਨ ਏਡੀਸੀ ਪੂਜਾ ਸਿਆਲ ਗਰੇਵਾਲ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਫਤਿਹਗੜ੍ਹ ਸਾਹਿਬ ਸੂਬਾ ਸਿੰਘ, ਐਸਡੀਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *