
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ‘ਧਰਤੀ ਮਾਤਾ ਬਚਾਓ ਅਭਿਆਨ’ ਦੀ ਸਮੀਖਿਆ
ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਚੱਲੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਲਈ ਪਿੰਡ ਪੱਧਰੀ ਕਮੇਟੀਆਂ ਦਾ ਗਠਨ
ਹਰੇਕ ਬਲਾਕ ਦੇ 20 ਚੋਣਵੇਂ ਪਿੰਡਾਂ ਵਿੱਚ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 23 ਜਨਵਰੀ:
ਜ਼ਿਲ੍ਹੇ ਵਿੱਚ ਜ਼ਮੀਨ ਦੀ ਸਿਹਤ ਨੂੰ ਬਚਾਉਣ ਅਤੇ ਰਸਾਇਣਕ ਖਾਦਾਂ ਦੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਜ਼ਿਆਦਾ ਵਰਤੋਂ ਨੂੰ ਘਟਾਉਣ ਵਾਸਤੇ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ 'ਧਰਤੀ ਮਾਤਾ ਬਚਾਓ ਅਭਿਆਨ' ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚੋਂ ਕੁੱਲ 100 ਪਿੰਡਾਂ ਦੀ ਚੋਣ ਕੀਤੀ ਗਈ ਹੈ। ਹਰੇਕ ਬਲਾਕ ਵਿੱਚੋਂ 20-20 ਪਿੰਡਾਂ ਨੂੰ ਮਾਡਲ ਵਜੋਂ ਚੁਣਿਆ ਗਿਆ ਹੈ, ਜਿੱਥੇ ਖਾਦਾਂ ਦੀ ਸੰਤੁਲਿਤ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹਨਾਂ ਕਮੇਟੀਆਂ ਵਿੱਚ ਪਿੰਡ ਦੇ ਸਰਪੰਚ, ਪੰਚਾਇਤ ਸਕੱਤਰ, ਸਹਿਕਾਰੀ ਸਭਾ ਦੇ ਸਕੱਤਰ, ਖੇਤੀਬਾੜੀ ਵਿਭਾਗ ਦਾ ਫੀਲਡ ਸਟਾਫ਼ ਅਤੇ ਮਾਹਿਰ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀਆਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ। ਇਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣਾ ਅਤੇ ਮਿੱਟੀ ਦੀ ਪਰਖ ਅਨੁਸਾਰ ਹੀ ਖਾਦਾਂ ਪਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਨਾਲ ਨਾ ਸਿਰਫ਼ ਖੇਤੀ ਖ਼ਰਚੇ ਘਟਣਗੇ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।
ਮੀਟਿੰਗ ਦੇ ਅੰਤ ਵਿੱਚ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ 100 ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ‘ਧਰਤੀ ਮਾਤਾ ਬਚਾਓ ਅਭਿਆਨ’ ਨੂੰ ਇੱਕ ਲੋਕ ਲਹਿਰ ਬਣਾਇਆ ਜਾ ਸਕੇ।
——————————
This news is auto published from an agency/source and may be published as received.
