77ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਫਹਿਰਾਇਆ ਤਿਰੰਗਾ

77ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਫਹਿਰਾਇਆ ਤਿਰੰਗਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ

ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਸੰਘਰਸ਼ੀ ਯੋਧਿਆਂ ਦਾ ਸਨਮਾਨ

ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਪ੍ਰਦਾਨ

ਫਤਹਿਗੜ੍ਹ ਸਾਹਿਬ, 26 ਜਨਵਰੀ:

ਗਣਤੰਤਰ ਦਿਵਸ ਮੌਕੇ ਜਿ਼ਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਮਾਧੋਪੁਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਅਤੇ ਬਾਅਦ ਵਿੱਚ ਜਿ਼ਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ 77ਵੇੇਂ ਗਣਤੰਤਰ ਦਿਵਸ ਮੌਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।

ਆਪਣੇ ਭਾਸ਼ਣ ਵਿੱਚ ਮੁੱਖ ਮਹਿਮਾਨ ਡਾ. ਸੋਨਾ ਥਿੰਦ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਵੱਖ—ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ ਸੰਕਲਪ ਹੈ ਅਤੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਰੁਪਏ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਕਰਵਾਏ ਗਏ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਪੀਰਾਂ ਵੱਲੋਂ ਦਰਸਾਏ ਰਸਤੇ ਉੱਤੇ ਚਲਦਿਆਂ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹਮੇਸ਼ਾ ਮੁੱਖ ਰੱਖਿਆ ਹੈ ਜਿਸ ਤਹਿਤ ਸੂਬਾ ਸਰਕਾਰ ਵੱਲੋਂ "ਮੁੱਖ ਮੰਤਰੀ ਸਿਹਤ ਯੋਜਨਾ" ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ, 2025 ਤੋਂ ਹੁਣ ਤੱਕ 45 ਹਜ਼ਾਰ 137 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ "ਸੜਕ ਸੁਰੱਖਿਆ ਫੋਰਸ" ਵੱਲੋਂ ਹੁਣ ਤੱਕ 19 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 26 ਹਜ਼ਾਰ ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਸਹਾਇਤਾ ਕਰਨ ਵਾਲੇ ‘ਫਰਿਸ਼ਤੇ’ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸ਼ੰਸਾ ਪੱਤਰ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜਿ਼ਲ੍ਹੇ ਅਧੀਨ ਪੈਂਦੇ 611 ਛੱਪੜਾਂ ਦੀ ਸਫਾਈ ਕਰਵਾਈ ਗਈ ਹੈ ਅਤੇ ਥਾਪਰ ਟੈਕਨਾਲੋਜੀ ਨਾਲ 118 ਛੱਪੜਾਂ ਦਾ ਨਵੀਨੀਕਰਨ ਕਰਦੇ ਹੋਏ ਇਨ੍ਹਾਂ ਨੂੰ ਮਾਡਲ ਪੌਂਡ ਵਜੋ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਨਸਿ਼ਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮਗਨਰੇਗਾ ਸਕੀਮ ਅਧੀਨ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ 93 ਮਾਡਲ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਿ਼ਲ੍ਹੇ ਵਿੱਚ ਮਗਨਰੇਗਾ ਸਕੀਮ ਤਹਿਤ 54 ਹਜ਼ਾਰ 52 ਪਰਿਵਾਰਾਂ ਨੂੰ ਜੋਬ ਕਾਰਡ ਜਾਰੀ ਕੀਤੇ ਹੋਏ ਹਨ ਅਤੇ 79 ਹਜ਼ਾਰ ਤੋਂ ਵੱਧ ਵਰਕਰ ਰਜਿਸਟਰਡ ਹਨ ਜਿਨ੍ਹਾਂ ਵਿੱਚ ਕਰੀਬ 42 ਹਜ਼ਾਰ ਮਹਿਲਾ ਵਰਕਰ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਸਵੱਛਤਾ ਨੂੰ ਮੁੱਖ ਰਖਦਿਆਂ 279 ਸੋਲਿਡ ਵੇਸਟ ਪ੍ਰਬੰਧਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ 150 ਦਾ ਕੰਮ ਪ੍ਰਗਤੀ ਅਧੀਨ ਹੈ ਜਿਸ ਨੂੰ ਇਸੇ ਸਾਲ 31 ਮਾਰਚ ਤੱਕ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਲਈ ਸਵੈ ਸਹਾਇਤਾ ਸਮੂਹਾਂ ਦਾ ਗਠਨ ਕਰਨ ਦੀ ਪ੍ਰਕਿਰਿਆ ਜੋਸ਼ੋ ਖਰੋਸ਼ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡੋਰ ਸਟੈਪ ਡਿਲੀਵਰੀ ਦੇ ਤਹਿਤ ਅਹਿਮ ਸੇਵਾਵਾਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਵਿੱਚ ਹੀ ਮੁਹਈਆ ਕਰਵਾਉਣ ਲਈ ਹੈਲਪਲਾਈਨ ਨੰਬਰ 1076 (ਦਸ ਛਿਅੱਤਰ) ਉਪਲਬਧ ਕਰਵਾਇਆ ਹੋਇਆ ਹੈ । ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ, ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਕਦਮ ਹੈ ਜਿਸ ਤਹਿਤ ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਨਲਾਈਨ ਅਪੌਇੰਟਮੈਂਟ ਸਿਸਟਮ ਲਾਗੂ ਹੈ ਅਤੇ ਲੋਕਾਂ ਨੂੰ ਹੁਣ ਵਸੀਕਾ ਨਵੀਸਾਂ ਜਾਂ ਵਿਚੋਲਿਆਂ 'ਤੇ ਨਿਰਭਰ ਹੋਣ ਦੀ ਲੋੜ ਨਹੀਂ।

ਡਾ. ਸੋਨਾ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਉਪਰਾਲਾ ਹੈ, ਭਾਰਤ ਵਿੱਚ ਪੰਜਾਬ ਪਹਿਲਾ ਸੂਬਾ ਹੈ ਜਿਸ ਵਿੱਚ ਸਰਕਾਰ ਵੱਲੋਂ ਹਰ ਇੱਕ ਵਸ਼ਨੀਕ ਨੂੰ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਮੁਫਤ ਇਲਾਜ ਮਿਲੇਗਾ। ਇਸ ਯੋਜਨਾ ਤਹਿਤ ਹਰ ਪਰਿਵਾਰ ਸਾਲ ਵਿੱਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਮੁਫਤ ਇਲਾਜ ਕਰਵਾ ਸਕਦਾ ਹੈ। ਇਸ ਯੋਜਨਾ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਜ਼ਿਲ੍ਹੇ ਭਰ ਵਿੱਚ 169 ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ 50 ਬੈਡਾਂ ਦਾ ਇੱਕ ਕ੍ਰਿਟੀਕਲ ਕੇਅਰ ਬਲਾਕ ਬਣਾਇਆ ਜਾ ਰਿਹਾ ਹੈ ਅਤੇ ਇੱਕ ਆਈਪੀਐਚ ਐਲ ਲੈਬ ਦੀ ਬਿਲਡਿੰਗ ਦਾ ਕੰਮ ਵੀ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਪੈਦਲ ਯਾਤਰਾਵਾਂ ਦਾ ਆਗਾਜ਼ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸਾਹਿਤ ਕਰਨ ਲਈ 10 ਤੋਂ 13 ਫਰਵਰੀ ਤੱਕ ਆਮ ਖਾਸ ਬਾਗ ਸਰਹਿੰਦ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਇਆ ਜਾ ਰਿਹਾ ਹੈ।

ਸੰਦੇਸ਼ ਤੋਂ ਬਾਅਦ ਡੀ.ਐਸ.ਪੀ ਹੈਡਕੁਆਰਟਰ ਹਰਤੇਸ਼ ਕੌਸ਼ਿਕ ਦੀ ਅਗਵਾਈ ਹੇਠ ਵੱਖ-ਵੱਖ ਪਰੇਡ ਟੁਕੜੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਵਿਕਾਸ ਕਾਰਜਾਂ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਸੰਘਰਸ਼ੀ ਯੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਐਸਐਸਪੀ ਸ਼ੁਭਮ ਅਗਰਵਾਲ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਐਸ.ਸੀ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਵੀ ਉਨ੍ਹਾਂ ਦੇ ਨਾਲ ਸਨ। ਉਹਨਾਂ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਤਰਫੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।

ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਮੁੱਖ ਮਹਿਮਾਨ ਦੀ ਤਰਫੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਸੂਬਾ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਅਮਰਿੰਦਰ ਸਿੰਘ ਮੰਡੋਫਲ, ਕੁਲਵਿੰਦਰ ਸਿੰਘ ਡੇਰਾ, ਰਾਜ ਦਵਿੰਦਰ ਲਾਡੀ, ਮਨਦੀਪ ਸਿੰਘ ਪੋਲਾ, ਹਰਮੇਸ਼ ਛੰਨਾ, ਪ੍ਰਿਤਪਾਲ ਜੱਸੀ, ਬਲਦੇਵ ਜਲਾਲ, ਆਸ਼ਾ ਰਾਣੀ, ਦਵਿੰਦਰ ਕੌਰ, ਬਲਬੀਰ ਸੋਢੀ, ਰੀਨਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਸ਼ਖਸ਼ੀਅਤਾਂ, ਸਕੂਲੀ ਵਿਦਿਆਰਥੀ ਅਧਿਆਪਕ, ਅਧਿਕਾਰੀ ਕਰਮਚਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *