
ਕਾਂਗਰਸ ਮਜ਼ਦੂਰਾਂ ਤੇ ਗਰੀਬ ਵਰਗ ਦੇ ਹੱਕਾਂ ਲਈ ਵਚਨਬੱਧ: ਹੀਨਾ ਕਾਵਰੇ
ਮਨਰੇਗਾ ਖ਼ਿਲਾਫ਼ ਸਾਜ਼ਿਸ਼ ਬਰਦਾਸ਼ਤ ਨਹੀਂ – ਡਾ. ਅਮਰ ਸਿੰਘ:
ਫ਼ਤਿਹਗੜ੍ਹ ਸਾਹਿਬ ਤੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ – ਕੁਲਜੀਤ ਸਿੰਘ ਨਾਗਰਾ:
ਫ਼ਤਿਹਗੜ੍ਹ ਸਾਹਿਬ,22 ਫਰਵਰੀ, ਰੂਪ ਨਰੇਸ਼:
ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵਰੇ ਤੇ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮਾਣਯੋਗ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਫਰੰਟਲ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕਰਤਾਰ ਕੰਪਲੈਕਸ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੀ। ਮੀਟਿੰਗ ਦੌਰਾਨ ਹੀਨਾ ਕਾਵਰੇ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ “ਮਨਰੇਗਾ ਬਚਾਓ ਰੈਲੀ” ਦੇਸ਼ ਦੇ ਮਜ਼ਦੂਰਾਂ ਅਤੇ ਗਰੀਬ ਵਰਗ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਇਕ ਅਹਿਮ ਕਦਮ ਹੈ ਅਤੇ ਕਾਂਗਰਸ ਪਾਰਟੀ ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹੀਨਾ ਕਾਵਰੇ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਗਰੀਬ ਅਤੇ ਪਿਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਪਿੰਡਾਂ ਦੇ ਲੋਕਾਂ ਦੀ ਜੀਵਨ ਰੇਖਾ ਹੈ ਅਤੇ ਇਸ ਦੀ ਰੱਖਿਆ ਕਰਨਾ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬਲਾਕ, ਹਰ ਮੰਡਲ ਅਤੇ ਹਰ ਪਿੰਡ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇ ਤਾਂ ਜੋ ਵੱਡੀ ਗਿਣਤੀ ਵਿੱਚ ਲੋਕ ਬਰਨਾਲਾ ਰੈਲੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਰੈਲੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇੱਕ ਵੱਡਾ ਸੰਦੇਸ਼ ਦੇਵੇਗੀ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਪਿੰਡਾਂ ਦੇ ਗਰੀਬ ਅਤੇ ਮਜ਼ਦੂਰ ਵਰਗ ਲਈ ਆਰਥਿਕ ਸਹਾਰਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਬਰਨਾਲਾ ਪਹੁੰਚ ਕੇ ਰਾਹੁਲ ਗਾਂਧੀ ਜੀ ਦੇ ਹੱਥ ਮਜ਼ਬੂਤ ਕੀਤੇ ਜਾਣ।ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਕਾਂਗਰਸ ਵੱਲੋਂ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਮ ਲੋਕ ਬਰਨਾਲਾ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇਸ਼ ਦੇ ਹਰ ਵਰਗ ਦੀ ਆਵਾਜ਼ ਬਣ ਕੇ ਉਭਰ ਰਹੀ ਹੈ। ਉਨ੍ਹਾਂ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ਤੱਕ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇ ਅਤੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਤਾਂ ਜੋ ਰੈਲੀ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾ ਸਕੇ।ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ,ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਬਲਾਕ ਪ੍ਰਧਾਨ, ਮੰਡਲ ਪ੍ਰਧਾਨ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
——————————
This news is auto published from an agency/source and may be published as received.
