
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ
ਸਹਾਇਕ ਕਮਿਸ਼ਨਰ ਜਨਰਲ ਪਰਵੀਨ ਕੁਮਾਰ ਸਿੰਗਲਾ ਨੂੰ ਸੇਵਾ ਮੁਕਤੀ ਮੌਕੇ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਵਿਦਾਇਗੀ
ਫ਼ਤਹਿਗੜ੍ਹ ਸਾਹਿਬ, 27 ਫ਼ਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਪਰਵੀਨ ਕੁਮਾਰ ਸਿੰਗਲਾ ਦੀ 36 ਸਾਲ ਦੀ ਲੰਬੀ ਸਰਕਾਰੀ ਸੇਵਾ ਦੇ ਸੰਪੂਰਨ ਹੋਣ ਉਪਰੰਤ ਉਨ੍ਹਾਂ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਅਤੇ ਯਾਦਗਾਰੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮਾਗਮ ਦੌਰਾਨ ਉਨ੍ਹਾਂ ਦੀ ਸੇਵਾਵਾਂ ਦੀ ਭਰਪੂਰ ਸਰਾਹਨਾ ਕੀਤੀ ਗਈ।
ਵਿਦਾਇਗੀ ਸਮਾਰੋਹ ਦੌਰਾਨ ਬੋਲਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਸ੍ਰੀ ਸਿੰਗਲਾ ਨੇ ਆਪਣੀ ਡਿਊਟੀ ਦੌਰਾਨ ਹਮੇਸ਼ਾਂ ਇਮਾਨਦਾਰੀ, ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ। ਉਨ੍ਹਾਂ ਨੇ ਵੱਖ-ਵੱਖ ਵਿਭਾਗੀ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨਿਭਾਉਂਦੇ ਹੋਏ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੀ ਕਾਰਗੁਜ਼ਾਰੀ ਹਮੇਸ਼ਾਂ ਪ੍ਰੇਰਣਾਦਾਇਕ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਅਮਲੋਹ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਨੇ ਵੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਪਰਵੀਨ ਕੁਮਾਰ ਸਿੰਗਲਾ ਇੱਕ ਮਿਲਣਸਾਰ ਅਤੇ ਸਹਿਯੋਗੀ ਅਧਿਕਾਰੀ ਵਜੋਂ ਜਾਣੇ ਜਾਂਦੇ ਰਹੇ ਹਨ। ਉਨ੍ਹਾਂ ਨੂੰ ਮਾਲ ਵਿਭਾਗ ਦੇ ਕੰਮਾਂ ਵਿੱਚ ਬਹੁਤ ਹੀ ਮੁਹਾਰਤ ਹਾਸਲ ਹੈ। ਓਹਨਾ ਨੇ ਆਪਣੇ ਤਜਰਬੇ ਅਤੇ ਸੂਝਬੂਝ ਨਾਲ ਹਰ ਮੁਸ਼ਕਲ ਸਥਿਤੀ ਦਾ ਸੰਯਮ ਨਾਲ ਸਾਹਮਣਾ ਕੀਤਾ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ।
ਆਪਣੇ ਸੰਬੋਧਨ ਵਿੱਚ ਸ੍ਰੀ ਸਿੰਗਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਰੀਅਰ ਦੌਰਾਨ ਮਿਲੇ ਤਜਰਬੇ ਅਤੇ ਸਨਮਾਨ ਹਮੇਸ਼ਾਂ ਯਾਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਲੋਕ ਹਿੱਤ ਨੂੰ ਸਦਾ ਪਹਿਲ ਦਿੱਤੀ ਅਤੇ ਭਵਿੱਖ ਵਿੱਚ ਵੀ ਸਮਾਜ ਸੇਵਾ ਨਾਲ ਜੁੜੇ ਰਹਿਣਗੇ।

ਅੰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਸਿੰਗਲਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਸੁਖਮਈ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਸੰਕਰ ਸ਼ਰਮਾ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਰਾਜ ਕੁਮਾਰ, ਡੀ ਡੀ ਪੀ ਓ ਜਸਪ੍ਰੀਤ ਕੌਰ, ਨਾਇਬ ਤਹਿਸੀਲਦਾਰ ਅੰਕਿਤ ਮਹਾਜਨ,ਪੀ.ਏ.ਟੂ ਡਿਪਟੀ ਕਮਿਸ਼ਨਰ ਰਣਧੀਰ ਸਿੰਘ ਸਮੇਤ ਪਰਵੀਨ ਕੁਮਾਰ ਸਿੰਗਲਾ ਦੇ ਪਰਿਵਾਰਕ ਮੈਂਬਰ ਹਾਜਰ ਸਨ।
——————————
This news is auto published from an agency/source and may be published as received.
