
ਚੁਣੀ ਹੋਈ ਪੰਚਾਇਤ ਨੂੰ ਸਸਪੈਂਡ ਕਰਨਾ ਲੋਕਤੰਤਰ ’ਤੇ ਸਿੱਧਾ ਹਮਲਾ: ਕੁਲਜੀਤ ਸਿੰਘ ਨਾਗਰਾ
ਪਿੰਡਾਂ ਦੀਆਂ ਪੰਚਾਇਤਾਂ ਦੀ ਇਜ਼ਤ ਅਤੇ ਅਧਿਕਾਰਾਂ ਨਾਲ ਕੋਈ ਸਮਝੌਤਾ ਨਹੀਂ – ਡਾ. ਅਮਰ ਸਿੰਘ
ਫਤਿਹਗੜ੍ਹ ਸਾਹਿਬ, ਰੂਪ ਨਰੇਸ਼:
ਪੰਜਾਬ ਵਿੱਚ ਸੱਤਾ ਵਿੱਚ ਬੈਠੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਸਾਬਕਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਪਿੰਡਾਂ ਦੀ ਸ਼ਾਂਤੀ ਅਤੇ ਏਕਤਾ ਨੂੰ ਭੰਗ ਕਰਕੇ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਰਾਜਨੀਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਰੁਝਾਨ ਪੰਜਾਬ ਦੇ ਪਿੰਡਾਂ ਦੇ ਵਿਕਾਸ ਅਤੇ ਲੋਕਤੰਤਰਕ ਪ੍ਰਣਾਲੀ ਲਈ ਬਹੁਤ ਹੀ ਖ਼ਤਰਨਾਕ ਹੈ। ਕੁਲਜੀਤ ਸਿੰਘ ਨਾਗਰਾ ਕਰਤਾਰ ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਉਸ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਜਦੋਂ ਪਿੰਡ ਰਿਉਣਾ ਉੱਚਾ ਦੀ ਪੰਚਾਇਤ ਨਾਲ ਹੋਈ ਕਥਿਤ ਧੱਕੇਸ਼ਾਹੀ ਦੇ ਮਾਮਲੇ ਸਬੰਧੀ ਇੱਕ ਵਫ਼ਦ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਮਿਲਣ ਪਹੁੰਚਿਆ। ਉਨ੍ਹਾਂ ਦੋਸ਼ ਲਗਾਇਆ ਕਿ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਕਥਿਤ ਸ਼ੈਅ ਹੇਠ ਪਿੰਡ ਦੇ ਕੁਝ ਘੜੰਮ ਚੌਧਰੀਆਂ ਵੱਲੋਂ ਪੰਚਾਇਤ ਖ਼ਿਲਾਫ਼ ਝੂਠੀਆਂ ਐਲੀਗੇਸ਼ਨਾਂ ਦਰਜ ਕਰਵਾਈਆਂ ਗਈਆਂ। ਇਨ੍ਹਾਂ ਐਲੀਗੇਸ਼ਨਾਂ ਦੇ ਆਧਾਰ ’ਤੇ ਸਰਪੰਚ ਸਮੇਤ ਪੂਰੀ ਪੰਚਾਇਤ ਨੂੰ ਸਸਪੈਂਡ ਕਰ ਦਿੱਤਾ ਗਿਆ, ਜੋ ਕਿ ਲੋਕਤੰਤਰਕ ਮੁੱਲਾਂ ਦੀ ਸਿੱਧੀ ਉਲੰਘਣਾ ਹੈ। ਸ:ਨਾਗਰਾ ਨੇ ਕਿਹਾ ਕਿ ਇਸ ਸਾਰੀ ਕਾਰਵਾਈ ਦਾ ਮਕਸਦ ਪਿੰਡ ਦੀ ਕਮਾਂਡ ਉਨ੍ਹਾਂ ਲੋਕਾਂ ਦੇ ਹੱਥਾਂ ਵਿੱਚ ਦੇਣਾ ਹੈ, ਜੋ ਪਿਛਲੀਆਂ ਚੋਣਾਂ ਵਿੱਚ ਲੋਕਾਂ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਲੋਕ ਪਿੰਡ ਦੇ ਵਿਕਾਸ ਲਈ ਆਈ ਸਰਕਾਰੀ ਰਕਮ ਨੂੰ ਕਥਿਤ ਤੌਰ ’ਤੇ ਖੁਰਦ-ਬੁਰਦ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਨਾਲ ਪਿੰਡ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਪਿੰਡ ਦੀ ਚੁਣੀ ਹੋਈ ਪੰਚਾਇਤ ਨੂੰ ਬਿਨਾਂ ਪੂਰੀ ਜਾਂਚ ਦੇ ਸਸਪੈਂਡ ਕਰਨਾ ਨਾ ਸਿਰਫ਼ ਗਲਤ ਹੈ, ਸਗੋਂ ਇਸ ਨਾਲ ਪਿੰਡ ਵਿੱਚ ਤਣਾਅ ਅਤੇ ਫੁਟ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸੰਬੰਧਤ ਵਿਭਾਗਾਂ ਨੂੰ ਤਾੜਨਾ ਕਰਨ ਅਤੇ ਪੰਚਾਇਤ ਨੂੰ ਇਨਸਾਫ ਦਿਵਾਉਣ ਲਈ ਤੁਰੰਤ ਕਦਮ ਚੁੱਕਣ।
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸਾਬਕਾ ਵਿਧਾਇਕ ਅਤੇ ਪੰਚਾਇਤ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨਾਲ ਵੀ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੱਲੋਂ ਧੱਕੇਸ਼ਾਹੀ ਜਾਂ ਗਲਤ ਤਰੀਕੇ ਨਾਲ ਅਧਿਕਾਰਾਂ ਦੀ ਵਰਤੋਂ ਕੀਤੀ ਗਈ ਹੋਈ ਪਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਤੌਰ ’ਤੇ ਗੰਭੀਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਾ. ਅਮਰ ਸਿੰਘ ਨੇ ਇਹ ਵੀ ਦੱਸਿਆ ਕਿ ਪਿੰਡਾਂ ਦੀ ਚੁਣੀ ਹੋਈ ਪੰਚਾਇਤਾਂ ਦੀ ਇਜ਼ਤ ਅਤੇ ਅਧਿਕਾਰਾਂ ਦੀ ਰੱਖਿਆ ਕਰਨਾ ਲੋਕਤੰਤਰ ਦੀ ਬੁਨਿਆਦ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ,ਓ.ਬੀ.ਸੀ ਸੈੱਲ ਦੇ ਜਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੋਬੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਬੂਟਾ ਸਿੰਘ,ਤਰਨਪ੍ਰੀਤ ਸਿੰਘ,ਪ੍ਰਦੀਪ ਕੁਮਾਰ,ਜਰਨੈਲ ਭੰਗੂਆ ਆਦਿ ਹਾਜ਼ਰ ਸਨ।
——————————
This news is auto published from an agency/source and may be published as received.
