
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫਤਹਿਗੜ੍ਹ ਸਾਹਿਬ
ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ–ਲਖਬੀਰ ਸਿੰਘ ਰਾਏ 01 ਅਪ੍ਰੈਲ 2025 ਤੋਂ ਹੁਣ ਤੱਕ 45 ਹਜ਼ਾਰ ਤੋਂ ਵੱਧ ਕਿਰਤੀਆਂ ਨੂੰ ਦਿੱਤੇ 146.77
ਕਰੋੜ ਰੁਪਏ ਦੇ ਲਾਭ-ਵਿਧਾਇਕ ਰਾਏ
ਫਤਹਿਗੜ੍ਹ ਸਾਹਿਬ , 02 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ, ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਲੋਕ-ਭਲਾਈ ਦੀਆਂ ਕਈ ਪਹਿਲਕਦਮੀਆਂ ਦੇ ਨਾਲ-ਨਾਲ ਮਾਨ ਸਰਕਾਰ ਨੇ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਕੰਮਕਾਜ ਨੂੰ ਹੋਰ ਵੀ ਸੁਚਾਰੂ ਬਣਾਇਆ ਹੈ ਤਾਂ ਜੋ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਵਜੋਂ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਮਾਂ ਸੀਮਾ ਨੂੰ ਹੋਰ ਘਟਾ ਕੇ ਸਿਰਫ਼ 45 ਦਿਨ ਕਰਨ ਲਈ ਵੀ ਯਤਨਸ਼ੀਲ ਹੈ।
ਸ. ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਰਾਤ ਮਿਹਨਤ ਕਰਦੀ ਆ ਰਹੀ ਹੈ ਤਾਂ ਜੋ ਭਲਾਈ ਸਕੀਮਾਂ ਦੇ ਫ਼ਾਇਦੇ ਸੂਬੇ ਦੇ ਹਰ ਅਸਲ ਹੱਕਦਾਰ ਅਤੇ ਲੋੜਵੰਦ ਵਿਅਕਤੀ ਤੱਕ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਨਿਰਧਾਰਿਤ ਸਮੇਂ ਵਿੱਚ ਪਹੁੰਚ ਸਕਣ।
ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਦੱਸਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਕਈ ਸਕੀਮਾਂ ਚਲਾ ਰਿਹਾ ਹੈ। ਇਨ੍ਹਾਂ ਵਿੱਚ ਬਾਲੜੀ ਤੋਹਫ਼ਾ (ਵੱਧ ਤੋਂ ਵੱਧ ਦੋ ਧੀਆਂ ਲਈ), ਐਕਸ-ਗ੍ਰੇਸ਼ੀਆ ਲਾਈਫ ਕਵਰ, ਅੰਤਿਮ ਸਸਕਾਰ ਲਈ ਵਿੱਤੀ ਸਹਾਇਤਾ, ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਨਰਲ ਸਰਜਰੀ ਸਹਾਇਤਾ, ਐਲ.ਟੀ.ਸੀ. ਲਾਭ, ਮਾਤਰਿਤਾ ਲਾਭ (ਵੱਧ ਤੋਂ ਵੱਧ ਦੋ ਜੀਵਤ ਬੱਚਿਆਂ ਲਈ), ਮਾਨਸਿਕ ਤੌਰ ‘ਤੇ ਚੁਣੌਤੀਪੂਰਨ ਜਾਂ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਲਈ ਲਾਭ, ਬਿਮਾਰੀਆਂ ਦੌਰਾਨ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਹਾਇਤਾ, 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਪੈਨਸ਼ਨ ਸਮੇਤ ਪਰਿਵਾਰਕ/ਵਿਧਵਾ ਪੈਨਸ਼ਨ, ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਅਤੇ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸ਼ਾਮਲ ਹਨ।
——————————
This news is auto published from an agency/source and may be published as received.
