
ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੇਸ਼ਵਾਸੀਆਂ ਲਈ
ਤੀਰਥ ਸਮਾਨ-ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੂਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ
ਵਿਖੇ ਹੋਏ ਨਤਮਸਤਕ
ਫਤਹਿਗੜ੍ਹ ਸਾਹਿਬ, 11 ਅਪ੍ਰੈਲ :
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੇਸ਼ਵਾਸੀਆਂ ਲਈ ਤੀਰਥ ਸਥਾਨ ਵਾਂਗ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਨੇ ਧਰਮ ਦੀ ਖਾਤਰ ਜੋ ਸ਼ਹਾਦਤ ਦਿੱਤੀ ਉਸ ਦਾ ਦੁਨੀਆਂ ਵਿੱਚ ਕੋਈ ਸਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿੱਚ ਸ਼ਹਾਦਤਾਂ ਦਿੱਤੀਆਂ ਉਹ ਹਮੇਸ਼ਾਂ ਲਈ ਪ੍ਰੇਰਨਾ ਸਰੋਤ ਰਹਿਣਗੀਆਂ।
ਰਾਜਪਾਲ ਪੰਜਾਬ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਮਾਨਵਤਾ ਦੀ ਭਲਾਈ ਲਈ ਹਮੇਸ਼ਾਂ ਮੋਹਰੀ ਹੋ ਕੇ ਕਾਰਜ ਕਰਨ ਦਾ ਆਸ਼ੀਰਵਾਦ ਹਾਸਲ ਕੀਤਾ ਹੈ। ਉਨ੍ਹਾਂ ਲੰਗਰ ਪ੍ਰਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਲੰਗਰ ਪ੍ਰਥਾ ਸ਼ੁਰੂ ਕਰਕੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਰੋਟੀ ਦੇਣ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਉਸ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਹੜ੍ਹਾਂ ਦੌਰਾਨ ਪੰਜਾਬੀਆਂ ਵੱਲੋਂ ਲਗਾਏ ਲੰਗਰਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਦੋਂ ਵੀ ਦੇਸ਼ਵਾਸੀਆਂ ਤੇ ਕੋਈ ਭੀੜ ਪਈ ਹੈ ਤਾਂ ਪੰਜਾਬੀ ਹਮੇਸ਼ਾਂ ਹੀ ਮੋਹਰੀ ਹੋ ਕੇ ਅੱਗੇ ਆਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।
——————————
This news is auto published from an agency/source and may be published as received.
