ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਫ਼ਤਹਿਗੜ੍ਹ ਸਾਹਿਬ
ਜ਼ਿਲ੍ਹਾ ਮੈਜਿਸਟਰੇਟ ਨੇ ਭਾਖੜਾ ਮੇਨ ਲਾਈਨ ਦੀ ਪਟੜੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ 'ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ 'ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਾ ਚਲਾਇਆ ਜਾਵੇ ਅਤੇ ਨਾ ਹੀ ਕਿਸੇ ਵਿਅਕਤੀ ਵੱਲੋਂ ਇਸ ਨਹਿਰ ਵਿੱਚ ਤੈਰਾਕੀ ਕੀਤੀ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਮਨਾਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਜ਼ਿਲ੍ਹੇ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਕੈਨਾਲ ਉਪਰ ਰਿਪੇਅਰ ਲਈ ਬਣੀ ਪਟੜੀ ਉਪਰ ਲੋਕ ਗਾਹੇ ਬਗਾਹੇ ਆਪਣੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਇਸ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ। ਇਸ ਕੈਨਾਲ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੁੰਦਾ ਹੈ, ਇਸ ਲਈ ਅਜਿਹੇ ਲੋਕਾਂ ਦੀ ਜਾਨ ਨੂੰ ਖਤਰਾ ਬਣ ਜਾਂਦਾ ਹੈ ਅਤੇ ਦੁਰਘਟਨਾ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ ਜ਼ਿਲ੍ਹੇ ਅੰਦਰ 16 ਜੂਨ 2026 ਤੱਕ ਲਾਗੂ ਰਹਿਣਗੇ।
ਜਿ਼ਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ।
——————————
This news is auto published from an agency/source and may be published as received.
