ਸੀ.ਐਮ. ਦੀ ਯੋਗਸ਼ਾਲਾ ਨਾਲ ਪਿੰਡਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਵੱਲ ਵੱਧ ਰਿਹਾ ਹੈ ਰੁਝਾਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ਹ ਸਾਹਿਬ

ਸੀ.ਐਮ. ਦੀ ਯੋਗਸ਼ਾਲਾ ਨਾਲ ਪਿੰਡਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਵੱਲ ਵੱਧ ਰਿਹਾ ਹੈ ਰੁਝਾਨ ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਵਿੱਚ ਆ ਰਿਹਾ ਸੁਧਾਰ

ਫਤਹਿਗੜ੍ਹ ਸਾਹਿਬ, 21 ਅਪ੍ਰੈਲ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਰਾਹੀਂ ਲੋਕਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਰੁਝਾਨ ਵਧ ਰਿਹਾ ਹੈ ਅਤੇ ਉਹ ਨਿਯਮਿਤ ਯੋਗ ਅਭਿਆਸ ਨਾਲ ਆਪਣੇ ਸਰੀਰਕ ਤੇ ਮਾਨਸਿਕ ਸਿਹਤ ਵਿੱਚ ਸਕਾਰਾਤਮਕ ਬਦਲਾਅ ਮਹਿਸੂਸ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਿੰਡ ਅੱਲਾਦਾਦਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਯੋਗ ਸੈਸ਼ਨ ਦੌਰਾਨ ਯੋਗ ਟ੍ਰੇਨਰ ਕੁਲਵੀਰ ਕੌਰ ਵੱਲੋਂ ਯੋਗ ਆਸਨਾਂ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਯੋਗ ਟ੍ਰੇਨਰਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਨਿਯਮਿਤ ਤੌਰ ’ਤੇ ਸਵੇਰੇ ਅਤੇ ਸ਼ਾਮ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਗ ਕਲਾਸਾਂ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ ਅਤੇ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਹਰ ਵਰਗ ਦੇ ਲੋਕ ਇਸ ਨਾਲ ਜੁੜ ਕੇ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਯੋਗ ਟਰੇਨਰਾਂ ਵੱਲੋਂ ਯੋਗ ਅਭਿਆਸ ਦੇ ਨਾਲ-ਨਾਲ ਸੰਤੁਲਿਤ ਖੁਰਾਕ, ਰੋਜ਼ਾਨਾ ਜੀਵਨ ਵਿੱਚ ਅਨੁਸ਼ਾਸਨ ਅਤੇ ਤੰਦਰੁਸਤ ਰਹਿਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਨਾਲ ਲੋਕਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਆ ਰਿਹਾ ਹੈ।

ਜ਼ਿਲ੍ਹਾ ਕੋਆਰਡੀਨੇਟਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਪਿੰਡ ਜਾਂ ਇਲਾਕੇ ਵਿੱਚ ਲੱਗ ਰਹੀਆਂ ਮੁਫ਼ਤ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਸ ਸਿਹਤਮੰਦ ਮੁਹਿੰਮ ਨਾਲ ਜੁੜ ਕੇ ਨਿਰੋਗੀ ਜੀਵਨ ਵੱਲ ਕਦਮ ਵਧਾਉਣ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਇਲਾਕੇ ਵਿੱਚ ਯੋਗਸ਼ਾਲਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ 25 ਲੋਕਾਂ ਦਾ ਸਮੂਹ ਬਣਾਕੇ ਟੋਲ-ਫ਼ਰੀ ਨੰਬਰ 76694-00500 'ਤੇ ਮਿਸ ਕਾਲ ਕਰ ਸਕਦੇ ਹਨ ਜਾਂ ਫਿਰ https://cmdiyogshala.punjab.gov.in ਉੱਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *