
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਦਾ ਸਭ ਤੋਂ ਵਧੀਆ ਸਾਧਨ -ਵਿਧਾਇਕ ਰਾਏ ਨੌਜਵਾਨ ਵਰਗ ਨੂੰ ਰਾਜ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਸਕੂਲੀ ਬੱਚੀਆਂ ਨੂੰ ਵੰਡੀਆਂ ਖੇਡ ਕਿੱਟਾ ਅਤੇ ‘ਸੇ ਨੋ ਟੂ ਡਰੱਗ’ ਦਾ ਦਿਵਾਇਆ ਪ੍ਰਣ
ਫਤਹਿਗੜ੍ਹ ਸਾਹਿਬ, 24 ਅਪ੍ਰੈਲ
ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਥਾਨਕ ਬੱਚਤ ਭਵਨ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਕਰਵਾਏ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹਰ ਵਰਗ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਦਾ ਸਭ ਤੋਂ ਵਧੀਆ ਸਾਧਨ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮੈਦਾਨ ਅਤੇ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤਾਂ ਜੋ ਸ਼ਹਿਰਾਂ ਅਤੇ ਪਿੰਡਾਂ ਦੇ ਬੱਚੇ ਅਤੇ ਨੌਜਵਾਨ ਆਪਣੇ ਹੁਨਰ ਨੂੰ ਨਿਖਾਰ ਸਕਣ। ਉਨ੍ਹਾਂ ਨੌਜਵਾਨ ਵਰਗ ਨੂੰ ਰਾਜ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਨੌਜਵਾਨ ਸਾਡੇ ਦੇਸ਼ ਅਤੇ ਸੂਬੇ ਦਾ ਰੋਸ਼ਨ ਭਵਿੱਖ ਹਨ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਖ਼ਿਲਾਫ਼ ਡੱਟ ਕੇ ਪਹਿਰਾ ਦੇਣ ਦੀ ਲੋੜ ਹੈ ਤਾਂ ਜ਼ੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਬੱਚਿਆਂ ਦੀ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਵੀ ਵਿਕਸਿਤ ਕਰਦੀਆਂ ਹਨ। ਇਸ ਨਾਲ ਬੱਚਿਆਂ ਦੀ ਊਰਜਾ ਸਕਾਰਾਤਮਕ ਦਿਸ਼ਾ ਵਿੱਚ ਲੱਗਦੀ ਹੈ ਅਤੇ ਉਹ ਨਕਾਰਾਤਮਕ ਆਦਤਾਂ ਤੋਂ ਦੂਰ ਰਹਿੰਦੇ ਹਨ।
ਡਿਪਟੀ ਕਮਿਸ਼ਨਰ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕਰਨ ਤਾਂ ਜੋ ਇੱਕ ਤੰਦਰੁਸਤ ਅਤੇ ਨਸ਼ਾ-ਮੁਕਤ ਸਮਾਜ ਦੀ ਨਿਰਮਾਣ ਕੀਤਾ ਜਾ ਸਕੇ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਦਾ ਸਮਾਨ ਵੰਡਿਆ ਅਤੇ ਸਕੂਲੀ ਬੱਚਿਆਂ ਅਤੇ ਅਧਿਅਪਕਾਂ ਵੱਲੋਂ ‘ਸੇ ਨੋ ਟੂ ਡਰੱਗ’ ਦੀ ਸੁਹੰ ਚੁੱਕਵਾਈ ਗਈ। ਸਕੂਲਾਂ ਦੇ ਅਧਿਆਪਕਾਂ ਨੇ ਖੁਦ ਅਤੇ ਬੱਚਿਆਂ ਨੂੰ ਨਸ਼ੇ ਤੋ ਦੂਰ ਰੱਖਣ ਦਾ ਪ੍ਰਣ ਲਿਆ ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਜਸਵੀਰ ਕੌਰ, ਉਪ ਜ਼ਿਲਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਜ਼ਿਲ੍ਹਾ ਨੋਡਲ ਅਫਸਰ ਦੀਪਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।
——————————
This news is auto published from an agency/source and may be published as received.
