ਸਰਕਾਰੀ ਐਲੀਮੈਂਟਰੀ ਸਕੂਲ ਅਨਾਇਤਪੁਰਾ ਵਿਖੇ ਦਸਤਾਰ ਬੰਦੀ ਮੁਕਾਬਲੇ ਕਰਵਾਏ ਅਤੇ ਤੀਆਂ ਦਾ ਤਿਉਹਾਰ ਮਨਾਇਆ:

ਦਸਤਾਰ ਸਿੱਖੀ ਦੀ ਸ਼ਾਨ ਅਤੇ ਸਾਡੀ ਵਿਰਾਸਤ ਦਾ ਅਹਿਮ ਹਿੱਸਾ, ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਮੇਂ ਦੀ ਲੋੜ: ਕੁਲਜੀਤ ਸਿੰਘ ਨਾਗਰਾ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼:
ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅਨਾਇਤਪੁਰਾ ਵਿਖੇ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ ਅਤੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਦਸਤਾਰ ਬੰਦੀ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਸ. ਕੁਲਜੀਤ ਸਿੰਘ ਨਾਗਰਾ ਨੇ ਮੁਕਾਬਲਿਆਂ ਵਿੱਚ ਜੇਤੂ ਰਹੇ ਨੌਜਵਾਨਾਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਪਹਿਚਾਣ, ਸਵੈਮਾਣ ਅਤੇ ਸ਼ਾਨ ਦਾ ਪ੍ਰਤੀਕ ਹੈ। ਅਜਿਹੇ ਮੁਕਾਬਲੇ ਕਰਵਾਉਣ ਨਾਲ ਬੱਚਿਆਂ ਅਤੇ ਨੌਜਵਾਨਾਂ ਵਿੱਚ ਆਪਣੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਪ੍ਰਤੀ ਮਾਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦਾ ਤਿਉਹਾਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਮਹਿਲਾਵਾਂ ਦੀ ਖੁਸ਼ੀ, ਸਾਂਝ ਅਤੇ ਸੱਭਿਆਚਾਰਕ ਰੰਗਾਂ ਨੂੰ ਦਰਸਾਉਂਦਾ ਹੈ। ਅਜਿਹੇ ਸਮਾਗਮ ਸਾਡੀ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਸਕੂਲ ਸਟਾਫ਼, ਪਿੰਡ ਵਾਸੀਆਂ, ਬੱਚਿਆਂ ਅਤੇ ਇਲਾਕੇ ਦੀਆਂ ਮਹਿਲਾਵਾਂ ਵੱਲੋਂ ਸ. ਕੁਲਜੀਤ ਸਿੰਘ ਨਾਗਰਾ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਵੀ ਦੇਖਣ ਨੂੰ ਮਿਲੀਆਂ।

Leave a Reply

Your email address will not be published. Required fields are marked *