Home ਫ਼ਤਹਿਗੜ੍ਹ ਸਾਹਿਬ ਲੋਕਤੰਤਰ ਦੀ ਸਫਲਤਾ ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ: ਮਨਜਿੰਦਰ ਸਿੰਘ

ਲੋਕਤੰਤਰ ਦੀ ਸਫਲਤਾ ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ: ਮਨਜਿੰਦਰ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼:

ਵਿਸ਼ਵ ਪੱਧਰ ‘ਤੇ ਲੋਕਤੰਤਰ ਦੀ ਸਫਲਤਾ ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਲੋਕਤੰਤਰਕ ਪ੍ਰਣਾਲੀ ਵਿੱਚ ਹੀ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ। ਲੋਕਤੰਤਰ ਵਿੱਚ ਹੀ ਲੋਕਾਂ ਨੂੰ ਸਮੂਹਿਕ ਤੌਰ ‘ਤੇ ਸਭ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਣਾ ਦਿੱਤੀ ਜਾਂਦੀ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਕਾਨੂੰਨ ਵਿਭਾਗ ਵਿੱਚ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।

ਮੈਂਬਰ ਸਕੱਤਰ ਨੇ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਰੋਕਣ ਵਾਸਤੇ ਸਖਤ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰੀ ਆਦਤ ਤੋਂ ਬਚਾਉਣ ਲਈ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।

ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਵਿਦਿਆਰਥੀਆਂ ਨੂੰ ਇਸ ਗੱਲ ਲਈ ਉਤਸ਼ਾਹਿਤ ਕੀਤਾ ਕਿ ਉਹ ਪੈਰਾ ਲੀਗਲ ਵਲੰਟੀਅਰ ਵਜੋਂ ਵੀ ਸੇਵਾਵਾਂ ਨਿਭਾ ਸਕਦੇ ਹਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ।

ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਵੀ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਸ਼ਵ ਪੱਧਰ ‘ਤੇ ਲੋਕਤੰਤਰਿਕ ਸਿਧਾਂਤਾਂ ਨੂੰ ਅਪਣਾ ਕੇ ਹੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕਦੀ ਹੈ।

ਕਾਨੂੰਨ ਵਿਭਾਗ ਦੇ ਮੁਖੀ ਡਾ. ਨਵਨੀਤ ਕੌਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਭਾਵੀ ਸ਼ਾਸਨ ਨੂੰ ਯਕੀਨੀ ਬਣਾਉਣ ਵਾਸਤੇ ਹਰ ਪੱਧਰ ‘ਤੇ ਆਰਟੀਫਿਸ਼ਲ ਇੰਟੈਲੀਜੈਂਸੀ ਨੂੰ ਅਪਣਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਦੀਪਤੀ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

LEAVE A REPLY

Please enter your comment!
Please enter your name here