ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ 07 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਸੜਕਾਂ ਦੀ ਹੋਵੇਗੀ ਮੁਰੰਮਤ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼:

ਦਸੰਬਰ ਮਹੀਨੇ ਵਿੱਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ 07 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੀਆਂ ਸੜਕਾਂ ਦੀ ਸਪੈਸ਼ਲ ਮੁਰੰਮਤ ਕਰਵਾ ਕੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਇਹ ਜਾਣਕਾਰੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਰੋਜ਼ਾ ਸ਼ਰੀਫ ਦੇ ਸਾਹਮਣੇ ਸੀਵਰੇਜ ਪੈਣ ਤੋਂ ਬਾਅਦ ਬਨਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੜਕਾਂ ਦੀ ਮੁਰੰਮਤ ਵਾਸਤੇ 01 ਕਰੋੜ 68 ਲੱਖ ਰੁਪਏ ਦੀ ਮਨਜੂਰੀ ਦਿੱਤੀ ਗਈ ਹੈ, ਜਿਸ ਨਾਲ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।

ਸ. ਰਾਏ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਵੱਡੀ ਪੱਧਰ ਤੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਤੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਸਕੇ। ਉਨ੍ਹਾਂ ਦੱਸਿਆ ਕਿ ਦਸੰਬਰ ਮਹੀਨੇ ਦੇ ਸ਼ੁਰੂ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਆਲੇ ਦੁਆਲੇ ਦੀ ਸਾਫ ਸਫਾਈ ਲਈ ਵਿਆਪਕ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਦੀ ਦਿੱਖ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾ ਸਕੇ।

ਇਸ ਮੌਕੇ ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।

Leave a Reply

Your email address will not be published. Required fields are marked *