ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ (ਰੂਪ ਨਰੇਸ਼) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਸਭਾ ਦੇ ਦੂਜੇ ਦਿਨ ਵੀ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਠੰਡਾ ਬੁਰਜ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਲੜੀਵਾਰ ਕਥਾ ਕੀਤੀ ਅਤੇ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਅਤੇ ਗੁਰਦੁਆਰਾ ਸਾਹਿਬ ਦੇ ਬਿਲਕੁਲ੍ਹ ਸਾਹਮਣੇ ਬਾਹਰਵਾਰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਵਿਸ਼ਾਲ ਪੱਧਰ ’ਤੇ ਲੰਗਰ, ਮੈਡੀਕਲ ਸਹੂਲਤ, ਰਿਹਾਇਸ਼, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਜੋੜਾ ਘਰ, ਗੱਠੜੀ ਘਰ ਆਦਿ ਦੇ ਪ੍ਰਬੰਧ ਕੀਤੇ ਗਏ। ਸੰਗਤਾਂ ਤੇ ਸੇਵਾ ਸੁਸਾਇਟੀਆਂ ਵੱਲੋਂ ਵੀ ਵੱਡੀ ਪੱਧਰ ’ਤੇ ਸੰਗਤ ਦੀ ਸੇਵਾ ਲਈ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ।
ਸ਼ਹੀਦੀ ਸਭਾ ਦੌਰਾਨ ਵੱਖ ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਾਜ਼ਰੀ ਭਰ ਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸੇ ਦੌਰਾਨ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਵੇਰੇ 9:00 ਵਜੇ ਨਗਰ ਕੀਰਤਨ ਆਰੰਭ ਹੋਵੇਗਾ, ਜਿਸ ਦੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਲੇ ਦੇ ਪਾਠ ਨਾਲ ਸਮਾਪਤੀ ਹੋਵੇਗੀ। 28 ਦਸੰਬਰ ਨੂੰ ਦੁਪਹਿਰ 12:00 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਅੰਤਿ੍ਰੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਪਾਲ ਸਿੰਘ ਜੱਲਾ, ਸ. ਰਵਿੰਦਰ ਸਿੰਘ ਖਾਲਸਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਬੀਬੀ ਪਰਮਜੀਤ ਕੌਰ ਲਾਂਡਰਾ, ਬਾਬਾ ਗੁਰਪ੍ਰੀਤ ਸਿੰਘ, ਸ. ਮਲਕੀਤ ਸਿੰਘ ਚੰਗਾਲ, ਸੀਨੀਅਰ ਅਕਾਲੀ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਬਲਵਿੰਦਰ ਸਿੰਘ, ਸ. ਨਰਿੰਦਰ ਸਿੰਘ, ਸ. ਗੁਰਇਕਬਾਲ ਸਿੰਘ ਮਾਨ, ਸ. ਹਰਮਨਜੀਤ ਸਿੰਘ ਸਮੇਤ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ।

ਸ਼੍ਰੀ ਫਤਿਹਗੜ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ