
ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ
ਚੰਡੀਗੜ੍ਹ, 3 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਬੇਹਦ ਅਹਿਮ ਸਾਬਤ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ 2025' ਦੇ ਪ੍ਰਸਤਾਵ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਨਾ ਸਿਰਫ਼ ਸ਼ਹਿਰੀ ਹਰਿਆਵਲ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਰਸਮੀ ਬਣਾਉਂਦਾ ਹੈ, ਬਲਕਿ ਜੰਗਲਾਤ ਵਿਭਾਗ ਵੱਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਹੈ ਕਿ ਇਸ ਨੂੰ ਲਾਗੂ ਕਰਨ ਨਾਲ ਸੂਬੇ ਦੇ ਖਜ਼ਾਨੇ 'ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ। ਬਿੱਲ ਦੇ ਵਿੱਤੀ ਪਹਿਲੂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਐਕਟ ਜੁਰਮਾਨੇ ਰਾਹੀਂ ਫੰਡ ਸਥਾਪਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਫੰਡ ਰਣਨੀਤਕ ਤੌਰ 'ਤੇ ਸਿਰਫ਼ ਸ਼ਹਿਰੀ ਖੇਤਰਾਂ ਵਿੱਚ ਹਰਿਆਵਲ ਪ੍ਰੋਜੈਕਟਾਂ ਲਈ ਵਰਤੇ ਜਾਣਗੇ, ਜਿਸ ਨਾਲ ਪੰਜਾਬ ਭਰ ਵਿੱਚ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਇੱਕ ਸਵੈ-ਨਿਰਭਰ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੁੱਖਾਂ ਦੀ ਸੰਭਾਲ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਇਸ ਐਕਟ ਨੂੰ ਤੁਰੰਤ ਮਨਜ਼ੂਰੀ ਦੇਣਾ ਸੂਬਾ ਸਰਕਾਰ ਦੇ ਵਾਤਾਵਰਨ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ 2025' ਹੁਣ ਜ਼ਰੂਰੀ ਵਿਧਾਨਕ ਪ੍ਰਕਿਰਿਆ ਵਿੱਚੋਂ ਲੰਘੇਗਾ, ਜਿਸ ਨਾਲ ਇਸ ਨੂੰ ਕੈਬਨਿਟ ਅਤੇ ਵਿਧਾਨ ਸਭਾ ਦੇ ਸਾਹਮਣੇ ਪੇਸ਼ ਕਰਨ ਦਾ ਰਾਹ ਪੱਧਰਾ ਹੋਵੇਗਾ।
This news is auto published from an agency/source and may be published as received.
