
ਐਸਡੀਐਮ ਸੂਬਾ ਸਿੰਘ ਵੱਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ
ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼
ਫਤਹਿਗੜ੍ਹ ਸਾਹਿਬ, 11 ਦਸੰਬਰ:
ਸ਼ਹੀਦੀ ਸਭਾ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸਡੀਐਮ ਸੂਬਾ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ, ਐਸਡੀਐਮ ਨੇ ਸ਼ਹੀਦੀ ਸਭਾ ਨਾਲ ਸਬੰਧਤ ਸਮੂਹ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਹਨਾਂ ਵਿੱਚ ਮੁੱਖ ਤੌਰ 'ਤੇ ਸੁਰੱਖਿਆ, ਆਵਾਜਾਈ, ਪਾਰਕਿੰਗ, ਸਫ਼ਾਈ, ਪੀਣ ਵਾਲੇ ਪਾਣੀ ਦੀ ਵਿਵਸਥਾ, ਸਿਹਤ ਸਹੂਲਤਾਂ, ਚਾਰੇ ਦਾਖਲਾ ਗੇਟਾਂ ਦੀ ਲੋੜੀਂਦੀ ਸਜਾਵਟ ਅਤੇ ਬਿਜਲੀ ਸਪਲਾਈ ਦੇ ਪ੍ਰਬੰਧ ਸ਼ਾਮਲ ਸਨ।
ਐਸਡੀਐਮ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਅਤੇ ਤਰਜੀਹੀ ਆਧਾਰ 'ਤੇ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਖਾਸ ਤੌਰ 'ਤੇ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਅਤੇ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨ 'ਤੇ ਜ਼ੋਰ ਦਿੱਤਾ।
ਸਫ਼ਾਈ ਅਤੇ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਵਰਤਣ ਦੀ ਹਦਾਇਤ ਕੀਤੀ ਗਈ। ਐਸਡੀਐਮ ਨੇ ਕਿਹਾ ਕਿ ਸ਼ਹੀਦੀ ਸਭਾ ਇੱਕ ਅਹਿਮ ਇਤਿਹਾਸਕ ਅਤੇ ਧਾਰਮਿਕ ਸਮਾਗਮ ਹੈ ਅਤੇ ਪ੍ਰਸ਼ਾਸਨ ਇਸ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਐਸਡੀਐਮ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਜਾਣਗੇ।
——————————
This news is auto published from an agency/source and may be published as received.
