
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੰਗਾ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ ਹੈ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਸੀ। ਹਾਈ ਕੋਰਟ ਨੇ ਕਿਹਾ, "ਸਾਨੂੰ ਭਰੋਸਾ ਹੈ ਕਿ ਪੰਜਾਬ ਵਿਧਾਨ ਸਭਾ ਸਪੀਕਰ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਢੁਕਵੇਂ ਆਦੇਸ਼ ਜਾਰੀ ਕਰਨਗੇ।" ਅਦਾਲਤ ਨੇ ਨੋਟ ਕੀਤਾ ਕਿ ਸੁਪਰੀਮ ਕੋਰਟ ਨੇ ਅਜਿਹੇ ਮਾਮਲਿਆਂ ਵਿਚ ਸਥਿਤੀ ਸਪੱਸ਼ਟ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤ ਦਾ ਫ਼ੈਸਲਾ ਤਿੰਨ ਮਹੀਨਿਆਂ ਦੇ ਅੰਦਰ ਕੀਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਅਰੋੜਾ ਨੇ ਕਿਹਾ ਕਿ ਸੁੱਖੀ ਨੂੰ ਲੋਕਾਂ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੁਣਿਆ ਗਿਆ ਸੀ ਪਰ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਅਤੇ ਦਲ ਬਦਲੀ ਵਿਰੋਧੀ ਕਾਨੂੰਨ ਉਸ 'ਤੇ ਲਾਗੂ ਹੁੰਦਾ ਹੈ। ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਪਟੀਸ਼ਨਕਰਤਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਸੁੱਖੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਬੇਨਤੀ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ ਪਰ ਸਪੀਕਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਲਈ, ਪਟੀਸ਼ਨਕਰਤਾ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਾ ਪਿਆ। ਅਰੋੜਾ ਨੇ ਦਲੀਲ ਦਿਤੀ ਕਿ ਪੰਜਾਬ ਵਿਧਾਨ ਸਭਾ ਦੇ ਨਿਯਮਾਂ ਤਹਿਤ ਕੋਈ ਵੀ ਵਿਅਕਤੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਅੱਗੇ ਪਟੀਸ਼ਨ ਦਾਇਰ ਕਰ ਸਕਦਾ ਹੈ ਜਿਸ ਵਿਚ ਵਿਧਾਨ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਉਂਦੇ ਹੋਏ ਅਯੋਗ ਠਹਿਰਾਉਣ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਆਧਾਰ 'ਤੇ, ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਅੱਗੇ ਪਟੀਸ਼ਨ ਦਾਇਰ ਕੀਤੀ। ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਸਪੀਕਰ ਨੂੰ ਪਟੀਸ਼ਨ 'ਤੇ ਫ਼ੈਸਲਾ ਲੈਣ ਦਾ ਹੁਕਮ ਦਿਤਾ।
——————————
This news is auto published from an agency/source and may be published as received.
