
ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ
ਐਸ.ਐਸ.ਪੀ. ਸ਼ੁਭਮ ਅਗਰਵਾਲ ਦੀ ਅਗਵਾਈ ਹੇਠ 'ਕਾਸੋ' ਅਭਿਆਨ ਤਹਿਤ 12 ਥਾਵਾਂ 'ਤੇ ਛਾਪੇਮਾਰੀ
3 ਐੱਫ.ਆਈ.ਆਰ ਦਰਜ, 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਫਤਹਿਗੜ੍ਹ ਸਾਹਿਬ, 20 ਦਸੰਬਰ:
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਐਸ.ਐਸ.ਪੀ. ਸ਼ੁਭਮ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਿਸ਼ੇਸ਼ 'ਕਾਸੋ' ਅਭਿਆਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਭਾਰੀ ਪੁਲਿਸ ਫੋਰਸ ਨੇ ਵੱਖ-ਵੱਖ ਸ਼ੱਕੀ ਥਾਵਾਂ 'ਤੇ ਤਲਾਸ਼ੀ ਲਈ।
ਸ਼੍ਰੀ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਚਲਾਇਆ ਜਾ ਰਿਹਾ 'ਕਾਸੋ' ਇੱਕ ਅਹਿਮ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪੱਸ਼ਟ ਹਦਾਇਤ ਹੈ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਲੱਕ ਤੋੜਿਆ ਜਾਵੇ ਅਤੇ ਡੀ.ਜੀ.ਪੀ. ਗੌਰਵ ਯਾਦਵ ਖੁਦ ਇਸ ਪੂਰੇ ਅਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਵਿੱਚ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ 12 ਹੌਟ ਸਪੋਟ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਮਕਸਦ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਏ ਰੱਖਣਾ ਅਤੇ ਨਸ਼ਾ ਤਸਕਰਾਂ ਵਿੱਚ ਡਰ ਪੈਦਾ ਕਰਨਾ ਹੈ।
ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ 3 ਪੁਲਿਸ ਕੇਸ ਦਰਜ ਕੀਤੇ ਹਨ ਅਤੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਇਸ ਦੌਰਾਨ 60 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

ਇਸ ਮੌਕੇ ਡੀਐਸਪੀ ਕੁਲਬੀਰ ਸਿੰਘ, ਐਸ.ਐਚ.ਓ ਰਾਜਵੰਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
——————————
This news is auto published from an agency/source and may be published as received.
