ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ

ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਜੜ੍ਹੋਂ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੋਂ ਲਏ ਸੁਝਾਅ

 ਸਾਉਣੀ-2024 ਨੂੰ ਵੇਖਦੇ ਹੋਏ ਅਗੇਤੀਆਂ ਤਿਆਰੀਆਂ ਕੀਤੀਆਂ ਸ਼ੁਰੂ

ਫ਼ਤਿਹਗੜ੍ਹ ਸਾਹਿਬ, 09 ਜਨਵਰੀ, ਰੂਪ ਨਰੇਸ਼:

ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਜੜ੍ਹੋਂ ਖਾਤਮਾ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਪਿੰਡ ਪੋਲਾ, ਫਾਟਕ ਮਾਜਰੀ ਤੇ ਮੂਲੇਪੁਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਹੋਰ ਸਮੱਗਰੀ ਬਾਰੇ ਸੁਝਾਅ ਵੀ ਲਏ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਅਤੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ ਬੀਜੀ ਗਈ ਕਣਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪਿੰਡ ਪੋਲਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਵਿੱਚ ਵੀ ਜਾ ਕੇ ਜਮੀਨੀ ਸਥਿਤੀ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਿੰਡ ਪੋਲਾ, ਮੂਲੇਪੁਰ ਤੇ ਫਾਟਕ ਮਾਜਰੀ ਦੇ ਕਿਸਾਨਾਂ ਨਾਲ ਕੀਤੀ ਗੱਲਬਾਤ

ਡਿਪਟੀ ਕਮਿਸ਼ਨਰ ਦੀ ਇਸ ਫੇਰੀ ਦੌਰਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਫਸਲ ਬੀਜਣ ਵਾਲੇ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਉਨ੍ਹਾਂ ਦੇ ਖੇਤੀ ਖਰਚੇ ਘੱਟ ਹੋਏ ਹਨ ਉਥੇ ਹੀ ਫਸਲ ਦੀ ਗੁਣਵੱਤਾ ਵੀ ਬਿਹਤਰ ਹੋਈ ਹੈ ਤੇ ਝਾੜ ਵੱਧਣ ਦੀ ਵਧੇਰੇ ਆਸਾਰ ਨਜ਼ਰ ਆ ਰਹੇ ਹਨ। ਇਨ੍ਹਾਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਆਧੁਨਿਕ ਖੇਤੀ ਮਸ਼ੀਨਾਂ ਵੱਧ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ।

ਪਿੰਡ ਪੋਲਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ ਅਤੇ ਇਸ ਨੂੰ ਠੱਲ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜ਼ਾ ਦਿੱਤਾ ਹੈ। ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਉਪਦੇਸ਼ਾਂ ਤੇ ਚੱਲਦੇ ਹੋਏ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਗੁਰੇਜ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੀ ਸਾਉਣੀ-2024 ਨੂੰ ਵੇਖਦੇ ਹੋਏ ਪਰਾਲੀ ਦੀ ਸੁਚੱਜੀ ਸੰਭਾਲ ਲਈ ਅਗੇਤੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਪੱਕੇ ਤੌਰ ਤੇ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਖੇਤੀਬਾੜੀ ਅਫਸਰ ਸਰਹਿੰਦ ਡਾ: ਇਕਬਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਪ੍ਰਭੂ ਨਾਥ ਤੋਂ ਇਲਾਵਾ ਪਿੰਡਾਂ ਦੇ ਪਤਵੰਤੇ ਤੇ ਕਿਸਾਨ ਹਾਜਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ