
ਨਿਊਜੀਲੈਂਡ ਵਿਚ ਕੱਢੇ ਗਏ ਨਗਰ ਕੀਰਤਨ ਦਾ ਵਿਰੋਧ ਕਰਨਾ ਨਿੰਦਣਯੋਗ – ਹੈਪੀ
ਬੱਸੀ ਪਠਾਣਾਂ, ਰਾਕੇਸ਼ ਗਰਗ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 13 ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਨਿਊਜੀਲੈਂਡ ਵਿਚ ਹੋਏ ਸਿੱਖਾਂ ਵੱਲੋਂ ਕੱਢੇ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕਰਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤਾਂ ਸਮੇਂ ਸਿੱਖ ਭਾਈਚਾਰਾ ਹੀ ਵਿਸ਼ਵ ਪੱਧਰ ਤੇ ਲੋਕ ਭਲਾਈ ਦੇ ਕੰਮ ਕਰਦਾ ਆ ਰਿਹਾ ਹੈ ਅਤੇ ਕਰਦਾ ਰਹੇਗਾ। ਉਨ੍ਹਾਂ ਸਿੱਖ ਨਿਊਜੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ।
——————————
This news is auto published from an agency/source and may be published as received.
