
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸੰਗਤ ਦੀ ਸਹੂਲਤ ਲਈ ਮੁਫ਼ਤ ਈ-ਰਿਕਸ਼ਾ ਸੇਵਾ ਆਰੰਭ ਕੀਤੀ
ਡੀਸੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਈ ਰਿਕਸ਼ਾ ਕੀਤੇ ਰਵਾਨਾ
ਫ਼ਤਹਿਗੜ੍ਹ ਸਾਹਿਬ, 24 ਦਸੰਬਰ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੌਰਾਨ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਤਿਹਗੜ੍ਹ ਸਾਹਿਬ ਵਿਖੇ ਮੁਫਤ ਈ ਰਿਕਸ਼ੇ ਸੰਗਤਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ ਜਿਨਾਂ ਦੀ ਸ਼ੁਰੂਆਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਹਨਾਂ ਈ- ਰਿਕਸ਼ਿਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕੀਤੀ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਉਪਰਾਲਾ ਹੈ ਕਿਉਂਕਿ ਬਜ਼ੁਰਗਾਂ, ਦਿਵਿਆਂਗਜਨ, ਬੱਚਿਆਂ ਅਤੇ ਮਹਿਲਾਵਾਂ ਨੂੰ ਸੰਗਤ ਦੀ ਭਾਰੀ ਭੀੜ ਕਾਰਨ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਵਿੱਚ ਮਦਦ ਮਿਲੇਗੀ। ਉਹਨਾਂ ਕਿਹਾ ਕਿ ਇਹ ਈ ਰਿਕਸ਼ੇ ਵਾਤਾਵਰਣ ਪੱਖੀ ਹੋਣ ਕਾਰਨ ਪ੍ਰਦੂਸ਼ਣ ਵੀ ਪੈਦਾ ਨਹੀਂ ਹੋਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਆਵਾਜਾਈ ਸੁਵਿਧਾਵਾਂ ਪੱਖੋਂ ਵੀ ਬਿਹਤਰੀਨ ਇੰਤਜ਼ਾਮ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੁਵਿਧਾ ਲਈ 200 ਸ਼ਟਲ ਬੱਸਾਂ ਵੀ ਮੁਫਤ ਚਲਾਈਆਂ ਜਾ ਰਹੀਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
——————————
This news is auto published from an agency/source and may be published as received.
