
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਚੌਂਕ ਤੋਂ ਅਮਲੋਹ ਤੱਕ ਸੀਵਰੇਜ ਲਾਈਨ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ
ਡੀ-ਸਿਲਟਿੰਗ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਸਖ਼ਤ ਹਦਾਇਤਾਂ
ਅਮਲੋਹ, 14 ਜਨਵਰੀ:
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕਾ ਅਮਲੋਹ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ।
ਵਿਧਾਇਕ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਚੌਂਕ ਤੋਂ ਲੈ ਕੇ ਅਮਲੋਹ ਤੱਕ ਲਗਭਗ 1.34 ਕਿਲੋਮੀਟਰ ਲੰਬੀ ਮੁੱਖ ਸੀਵਰੇਜ ਲਾਈਨ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਇਸ ਸੀਵਰੇਜ ਲਾਈਨ ਦੀ ਸਫਾਈ ਉੱਤੇ ਅਨੁਮਾਨਤ 23 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਸ ਲਾਈਨ ਵਿੱਚ ਗਾਦ ਜਮ੍ਹਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਆ ਰਹੀ ਸੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਫਾਈ ਮੁਹਿੰਮ ਨਾਲ ਹੁਣ ਨਿਕਾਸੀ ਦੀ ਸਮੱਸਿਆ ਸਥਾਈ ਤੌਰ 'ਤੇ ਹੱਲ ਹੋ ਜਾਵੇਗੀ।
ਵਿਧਾਇਕ ਗੈਰੀ ਬੜਿੰਗ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਸਫਾਈ ਅਤੇ ਡੀ-ਸਿਲਟਿੰਗ ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਅਤੇ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਹ ਖੁਦ ਇਸ ਕਾਰਜ ਦੀ ਨਿਗਰਾਨੀ ਕਰਨਗੇ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਹਰ ਨਾਗਰਿਕ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸੀਵਰੇਜ ਬੋਰਡ ਦੇ ਐਕਸੀਅਨ ਹਰਸ਼ਰਨਜੀਤ ਸਿੰਘ, ਐਸਡੀਓ ਰਜਨੀਸ਼ ਪਨੋਲੀ, ਜੇਈ ਅਨੁਜ ਸੱਚਰ, ਮੀਤ ਪ੍ਰਧਾਨ ਵਿੱਕੀ ਮਿੱਤਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਪੀਏ ਸ਼ਾਹਬਾਜ਼, ਬਲਾਕ ਪ੍ਰਧਾਨ ਕੁਲਦੀਪ ਦੀਪਾ, ਲਵਪ੍ਰੀਤ ਐਮਸੀ, ਮੋਨੀ ਪੰਡਿਤ, ਪਾਲੀ ਅਰੋੜਾ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
——————————
This news is auto published from an agency/source and may be published as received.
