
ਭਾਜਪਾ ਸਰਕਾਰ ਮਨਰੇਗਾ ਨੂੰ ਖਤਮ ਕਰਨ ਦੀ ਰਾਹ ’ਤੇ : ਨਾਗਰਾ
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਕਾਂਗਰਸ ਸਰਕਾਰ ਵੱਲੋਂ ਗਰੀਬ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਬਣਾਏ ਗਏ ਮਨਰੇਗਾ ਕਾਨੂੰਨ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇਸ ਕਾਨੂੰਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਇਹ ਦੋਸ਼ ਅੱਜ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜ਼ੇਰ ਵਿਖੇ ਮਨਰੇਗਾ ਵਰਕਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲਗਾਏ। ਸ: ਨਾਗਰਾ ਨੇ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬਾਂ ਅਤੇ ਮਜ਼ਦੂਰ ਵਰਗ ਦੇ ਨਾਲ ਚਟਾਂਗ ਵਾਂਗ ਖੜੀ ਰਹੀ ਹੈ ਅਤੇ ਅੱਗੇ ਵੀ ਉਹਨਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਗਰੀਬ ਲੋਕਾਂ ਲਈ ਰੋਜ਼ਗਾਰ ਦੀ ਗਾਰੰਟੀ ਹੈ, ਜਿਸ ਨਾਲ ਪਿੰਡਾਂ ਵਿੱਚ ਰਹਿੰਦੇ ਮਜ਼ਦੂਰਾਂ ਨੂੰ ਜੀਵਨ ਯਾਪਨ ਦਾ ਸਹਾਰਾ ਮਿਲਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਫੰਡਾਂ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਵਿੱਚ ਅਜਿਹੇ ਬਦਲਾਅ ਕੀਤੇ ਜਾ ਰਹੇ ਹਨ, ਜੋ ਸਿੱਧੇ ਤੌਰ ’ਤੇ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਹਨ। ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਇਹ ਨੀਤੀ ਗਰੀਬ ਵਿਰੋਧੀ ਸੋਚ ਨੂੰ ਦਰਸਾਉਂਦੀ ਹੈ ਅਤੇ ਇਸ ਨਾਲ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕੇ ਘੱਟ ਰਹੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਕਾਨੂੰਨ ਦੀ ਰੱਖਿਆ ਲਈ ਹਰ ਮੰਚ ’ਤੇ ਆਵਾਜ਼ ਉਠਾਏਗੀ ਅਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮਨਰੇਗਾ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਨਰੇਗਾ ਵਰਕਰਾਂ ਨੇ ਵੀ ਆਪਣੀਆਂ ਸਮੱਸਿਆਵਾਂ ਰੱਖੀਆਂ ਅਤੇ ਕੇਂਦਰ ਸਰਕਾਰ ਵੱਲੋਂ ਫੰਡਾਂ ਦੀ ਕਮੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਮੈਂਬਰ ਬਲਾਕ ਸੰਮਤੀ ਵਰਿੰਦਰ ਸਿੰਘ ਭਮਾਰਸੀ, ਮੋਹਣ ਸਿੰਘ, ਮਨਜੀਤ ਸਿੰਘ ਨੰਬਰਦਾਰ, ਹਰਦੇਵ ਸਿੰਘ,ਮੋਹਨ ਸਿੰਘ, ਮਨਜੀਤ ਸਿੰਘ, ਭਰਪੂਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਬੁੱਧ ਸਿੰਘ, ਜਸਵਿੰਦਰ ਸਿੰਘ ਫੌਜੀ,ਸਿੰਗਾਰਾ ਸਿੰਘ, ਅਵਤਾਰ ਸਿੰਘ, ਸਤਪਾਲ ਸਿੰਘ ਜੱਲਾ ਤੇ ਮਨਰੇਗਾ ਵਰਕਰ ਹਾਜ਼ਰ ਸਨ।
——————————
This news is auto published from an agency/source and may be published as received.
