ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਦ੍ਰਿੜ ਸੰਕਲਪ-ਚੇਅਰਮੈਨ ਚੰਦਨ ਗਰੇਵਾਲ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਿਹਗੜ੍ਹ ਸਾਹਿਬ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਦ੍ਰਿੜ ਸੰਕਲਪ-ਚੇਅਰਮੈਨ ਚੰਦਨ ਗਰੇਵਾਲ

ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ : ਚੰਦਨ ਗਰੇਵਾਲ

-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸਫ਼ਾਈ ਕਰਮਚਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ

ਫ਼ਤਿਹਗੜ੍ਹ ਸਾਹਿਬ, 02 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਤੇ ਨਗਰ ਕੌਂਸਲ ਸਰਹਿੰਦ, ਅਮਲੋਹ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾ ਤੇ ਨਗਰ ਪੰਚਾਇਤ ਖਮਾਣੋਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਡੀ ਐੱਸ ਪੀ ਇੰਦਰਪ੍ਰੀਤ ਸਿੰਘ, ਐਸ ਐਮ ਓ ਡਾ. ਕੇ. ਡੀ. ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਚੇਅਰਮੈਨ ਚੰਦਨ ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਉਦੇਸ਼ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ, ਉਨ੍ਹਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਸਮੀਖਿਆ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗਰੇਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ, ਕੁਝ ਮੰਗਾਂ ਹਨ ਜੋ ਸੂਬਾ ਪੱਧਰ 'ਤੇ ਹਨ, ਜਿਨ੍ਹਾਂ ਨੂੰ ਸੂਬਾ ਸਰਕਾਰ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦਾ ਵੀ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ ਸਮੇਂ ਸਿਰ ਦਿੱਤੀ ਜਾਵੇ, ਸੁਰੱਖਿਆ ਉਪਕਰਣ ਅਤੇ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਰਮਚਾਰੀ ਅਣਗੌਲਿਆ ਮਹਿਸੂਸ ਨਾ ਕਰੇ। ਚੰਦਨ ਗਰੇਵਾਲ ਨੇ ਕਿਹਾ ਕਿ ਸਮਾਜ ਵਿਚ ਸਫਾਈ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਿਰਫ਼ ਸ਼ਬਦਾਂ ਵਿਚ ਹੀ ਨਹੀਂ, ਸਗੋਂ ਠੋਸ ਕਾਰਵਾਈਆਂ ਰਾਹੀਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ, ਕਰਮਚਾਰੀਆਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਇਸ ਦਿਸ਼ਾ ਵਿਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੇ ਅੰਤ ਵਿਚ, ਉਨ੍ਹਾਂ ਨੇ ਮੌਜੂਦ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

——————————
This news is auto published from an agency/source and may be published as received.

Leave a Reply

Your email address will not be published. Required fields are marked *