ਤਿੰਨ ਦਿਨਾਂ ਅਪ੍ਰੇਸ਼ਨ ਪ੍ਰਹਾਰ 2.0 ਦੌਰਾਨ 155 ਮੁਲਜ਼ਮ ਕੀਤੇ ਗਏ ਕਾਬੂ-ਸ਼ੁਭਮ ਅਗਰਵਾਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ

ਤਿੰਨ ਦਿਨਾਂ ਅਪ੍ਰੇਸ਼ਨ ਪ੍ਰਹਾਰ 2.0 ਦੌਰਾਨ 155 ਮੁਲਜ਼ਮ ਕੀਤੇ ਗਏ ਕਾਬੂ-ਸ਼ੁਭਮ ਅਗਰਵਾਲ ਤੀਜੇ ਦਿਨ 20 ਗ੍ਰਾਮ ਹੈਰੋਇਨ ਤੇ ਮਾਰੂ ਹਥਿਆਰਾਂ ਸਮੇਤ 45 ਮੁਲਜ਼ਮ ਗ੍ਰਿਫਤਾਰ

ਫ਼ਤਹਿਗੜ੍ਹ ਸਾਹਿਬ, 11 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਪੁਲਿਸ ਵੱਲੋਂ ਗੈਂਗਸਟਰਾਂ ਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੇ ਗਏ ਅਪ੍ਰੇਸ਼ਨ ਪ੍ਰਹਾਰ 2.0 ਦੇ ਤੀਜੇ ਦਿਨ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਨੇ 20 ਗ੍ਰਾਮ ਹੈਰੋਇਨ ਤੇ ਮਾਰੂ ਹਥਿਆਰਾਂ ਸਮੇਤ 45 ਮੁਲਜ਼ਮ ਕਾਬੂ ਕੀਤੇ। ਇਸ ਅਪ੍ਰੇਸ਼ਨ ਦੇ ਪਹਿਲੇ ਦਿਨ ਪੁਲਿਸ ਨੇ 50 ਅਤੇ ਦੂਜੇ ਦਿਨ 60 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤੇ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਗੈਰ ਸਮਾਜਿਕ ਤੱਤਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕਰੇਗੀ ਅਤੇ ਜ਼ਿਲ੍ਹੇ ਦਾ ਅਮਨ ਸ਼ਾਂਤੀ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਜੀਕਲ ਸਟ੍ਰਾਈਕ ਅਤੇ ਛਾਪੇਮਾਰੀ ਉਦੋਂ ਤੱਕ ਲਗਾਤਾਰ ਜਾਰੀ ਰਹੇਗੀ ਜਦੋਂ ਤੱਕ ਹਰ ਇੱਕ ਖ਼ਤਰਨਾਕ ਅਪਰਾਧੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਹੁੰਦਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਅਪਰਾਧ ਮੁਕਤ ਸ਼ਹਿਰ ਬਣਾਉਣ ਵਿੱਚ ਪੁਲਿਸ ਦਾ ਸਹਿਯੋਗ ਦੇਣਾ ਜਾਰੀ ਰੱਖਣ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦਾ ਨੈਟਵਰਕ ਤੋੜਨ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਅਨੁਸਾਰ “ਗੈਂਗਸਟਰਾਂ 'ਤੇ ਵਾਰ” ਅਤੇ “ਯੁੱਧ ਨਸ਼ਿਆਂ ਵਿਰੁੱਧ ਅਤੇ "ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਬਹੁਤ ਸਾਰੇ ਮਾੜੇ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਜਾਰੀ ਰਹੇਗੀ ਹੈ।

ਸ਼੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਜਿਸ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਨਸ਼ਿਆਂ ਦੇ ਵਪਾਰੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੈ ਉਸੇ ਤਰ੍ਹਾਂ ਅਪ੍ਰੇਸ਼ਨ ਪ੍ਰਹਾਰ 2.0 ਤਹਿਤ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਅਪ੍ਰੇਸ਼ਨ ਪ੍ਰਹਾਰ 2.0 ਦੇ ਤੀਜੇ ਦਿਨ ਐਸ.ਪੀ. (ਜਾਂਚ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ।

——————————
This news is auto published from an agency/source and may be published as received.

Leave a Reply

Your email address will not be published. Required fields are marked *