
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੰਮਖਾਨਾ ਕਲੱਬ ਮੰਡੀ ਗੋਬਿੰਦਗੜ੍ਹ ਵਿਖੇ ਜਨ ਸੰਪਰਕ ਮੀਟਿੰਗ ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਸਹਿਯੋਗ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 13 ਮਾਰਚ
ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਵੱਲੋਂ ਜਿੰਮਖਾਨਾ ਕਲੱਬ, ਮੰਡੀ ਗੋਬਿੰਦਗੜ੍ਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨ ਸੰਪਰਕ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਤਾਂ ਹੀ ਖਤਮ ਹੋ ਸਕਦੀ ਹੈ ਜੇਕਰ ਹਰੇਕ ਵਰਗ ਦੇ ਲੋਕ ਪੁਲਿਸ ਵੱਲੋਂ ਚਲਾਈ ਮੁਹਿੰਮ ਵਿੱਚ ਉਸਾਰੂ ਸਹਿਯੋਗ ਦੇਣ।
ਸ੍ਰੀ ਸੁਭਮ ਅਗਰਵਾਲ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਸਬੰਧੀ ਪੁਲਿਸ ਨਾਲ ਤਾਲਮੇਲ ਕੀਤਾ ਜਾਵੇ ਅਤੇ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਨੂੰ ਸਮਾਜ ਅੰਦਰ ਮੁੜ ਇੱਕ ਚੰਗੇ ਸ਼ਹਿਰੀ ਵਾਂਗ ਜੀਵਨ ਬਤੀਤ ਕਰਨ ਵਿੱਚ ਪੁਲਿਸ ਸਹਾਇਤਾ ਕਰੇਗੀ।
ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਿਛਲੇ ਇੱਕ ਸਾਲ ਅੰਦਰ ਕਰੀਬ 1300 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 1600 ਦੇ ਕਰੀਬ ਛੋਟੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੂਰੇ ਜਿਲ੍ਹੇ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਗਈਆਂ 15 ਨਜਾਇਜ ਉਸਾਰੀਆਂ ਨੂੰ ਢਾਹਿਆ ਗਿਆ ਹੈ ਅਤੇ ਅਮਲੋਹ ਹਲਕੇ ਵਿੱਚੋਂ ਸਭ ਤੋਂ ਵੱਧ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਗਈਆਂ ਨਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਹੈ। ਜਿਸ ਨਾਲ ਨਸ਼ਾ ਤਸਕਰਾਂ ਨੂੰ ਸਖਤ ਸੰਦੇਸ਼ ਦਿੱਤਾ ਗਿਆ ਹੈ ਕਿ ਕਾਨੂੰਨ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੇ ਅੰਤ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਜੇਕਰ ਕਿਸੇ ਵੀ ਇਲਾਕੇ ਵਿੱਚ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਸੰਭਵ ਹੈ।

ਇਸ ਮੌਕੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਤੇ ਆਮ ਲੋਕ ਹਾਜਰ ਸਨ।
——————————
This news is auto published from an agency/source and may be published as received.
