ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ 24.57 ਕਰੋੜ ਜਾਰੀ-ਵਿਧਾਇਕ ਰਾਏ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ

ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ 24.57 ਕਰੋੜ ਜਾਰੀ-ਵਿਧਾਇਕ ਰਾਏ ਅਸ਼ੀਰਵਾਦ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਦੇ 124 ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਰਾਜ ਸਰਕਾਰ ਵੱਲੋਂ ਦਿੱਤੀ ਜਾ ਰਹੀ 51,000 ਰੁਪਏ ਦੀ ਵਿੱਤੀ ਮਦਦ

ਫਤਹਿਗੜ੍ਹ ਸਾਹਿਬ, 22 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯੋਜਨਾ-ਬੱਧ ਭਲਾਈ ਸਕੀਮਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ 24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਸ੍ਰੀ ਫਤਹਿਗੜ੍ਹ ਸਾਹਿਬ ਸਮੇਤ 14 ਹੋਰ ਜ਼ਿਲ੍ਹਿਆਂ ਤੋਂ ਕੁੱਲ 4,817 ਅਰਜ਼ੀਆਂ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ, ਜਿਨ੍ਹਾਂ ਸਭ ਨੂੰ ਕਵਰ ਕਰਦਿਆਂ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਫਤਹਿਗੜ੍ਹ ਸਾਹਿਬ ਦੇ 124, ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ ਹੋਰਨਾਂ ਜ਼ਿਲਿਆਂ ਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਲਾਭ ਦਿੱਤਾ ਗਿਆ ਹੈ।

ਵਿਧਾਇਕ ਰਾਏ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ੍ਰੇਣੀ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ-ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਸਕੇ।

——————————
This news is auto published from an agency/source and may be published as received.

Leave a Reply

Your email address will not be published. Required fields are marked *