
ਕਿਸਾਨਾਂ ਦੇ ਮੁੱਦਿਆਂ 'ਤੇ ਗੰਭੀਰ ਨਹੀਂ ਕੇਂਦਰ ਤੇ ਸੂਬਾ ਸਰਕਾਰ:ਨਾਗਰਾ
ਫ਼ਤਿਹਗੜ੍ਹ ਸਾਹਿਬ,1 ਅਪ੍ਰੈਲ (ਰੂਪ ਨਰੇਸ਼):

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਨਲੀਨਾ ਖੁਰਦ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਬਚਾਉਣ ਲਈ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ।ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਹੜ੍ਹਾਂ ਅਤੇ ਵੱਖ-ਵੱਖ ਕੁਦਰਤੀ ਆਫ਼ਤਾਂ ਕਾਰਨ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਕਿਸਾਨ ਦੀ ਸਾਲ ਭਰ ਦੀ ਰੋਜ਼ੀ-ਰੋਟੀ ਦਾ ਆਧਾਰ ਹੁੰਦੀ ਹੈ ਅਤੇ ਕਿਸਾਨ ਇਸ ਨੂੰ ਆਪਣੇ ਪੁੱਤਰਾਂ ਵਾਂਗ ਪਾਲਦਾ ਹੈ। ਅਜਿਹੇ ਵਿੱਚ ਫ਼ਸਲ ਦੇ ਖ਼ਰਾਬ ਹੋਣ ਨਾਲ ਕਿਸਾਨਾਂ ਦਾ ਲੱਕ ਟੁੱਟ ਗਿਆ ਹੈ। ਸ:ਨਾਗਰਾ ਨੇ 'ਆਪ' ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਹੀ ਕਿਸਾਨਾਂ ਦੇ ਮੁੱਦਿਆਂ 'ਤੇ ਗੰਭੀਰ ਨਹੀਂ ਹਨ, ਜਿਸ ਕਾਰਨ ਕਿਸਾਨ ਅੱਜ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਕਿਸਾਨਾਂ ਨੂੰ ਬਚਾਇਆ ਨਾ ਗਿਆ ਤਾਂ ਇਸ ਦਾ ਗੰਭੀਰ ਅਸਰ ਪੂਰੇ ਸੂਬੇ ਦੇ ਆਰਥਿਕ ਢਾਂਚੇ 'ਤੇ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਜੋ ਖੁਦ ਨੂੰ ਕਿਸਾਨ ਪੱਖੀ ਦੱਸਦੀ ਹੈ, ਹੁਣ ਕਿਸਾਨਾਂ ਦੇ ਹਿੱਤ ਵਿੱਚ ਕੋਈ ਵੀ ਠੋਸ ਫ਼ੈਸਲਾ ਲੈਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।ਇਸ ਮੌਕੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ, ਮੰਡਲ ਪ੍ਰਧਾਨ ਗੁਰਲਾਲ ਸਿੰਘ ਲਾਲੀ,ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ, ਗੁਰਭੇਜ ਸਿੰਘ ਰਾਏ,ਕ੍ਰਿਸ਼ਨ ਚੰਦ, ਗੁਰਚਰਨ ਸਿੰਘ, ਦਵਿੰਦਰ ਸਿੰਘ, ਸੋਹਨ ਸਿੰਘ ਸੌਢੀ, ਰੇਮੀ ਖਾਂ, ਦਰਸ਼ਨ ਸਿੰਘ, ਸਰਿੰਦਰ ਸਿੰਘ, ਮਹਿੰਦਰ ਸਿੰਘ, ਨਾਜ਼ਰ ਖਾਂ, ਸੇਰ ਸਿੰਘ ਮਿਸਤਰੀ, ਸੁੱਚਾ ਸਿੰਘ, ਹਰਜੀਤ ਸਿੰਘ, ਰਾਮਪਾਲ ਫੌਜ਼ੀ, ਅਜੈਬ ਸਿੰਘ ਨੰਬਰਦਾਰ, ਹਰੀ ਰਾਮ ਪੰਡਤ, ਕਾਕਾ ਖਾਨ, ਅਮਨ ਸ਼ਰਮਾਂ, ਗੁਰਸੇਵਕ ਸਿੰਘ, ਸਹਿਜਪ੍ਰੀਤ ਸਿੰਘ, ਹਰੀ ਸਿੰਘ, ਗੁਰਚਰਨ ਸਿੰਘ, ਸਤਪਾਲ ਪੰਡਿਤ ਆਦਿ ਹਾਜ਼ਰ ਸਨ।
——————————
This news is auto published from an agency/source and may be published as received.
